ਜਲੰਧਰ/ਬਿਊਰੋ ਨਿਊਜ਼
ਲੁਧਿਆਣਾ ਦੇ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਈ.ਡੀ. ਵਲੋਂ 5 ਦਿਨ ਦੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸਦੇ ਚੱਲਦਿਆਂ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਅਦਾਲਤ ਨੇ ਈਡੀ ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹੀ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਆਸ਼ੂ ਪੰਜਾਬ ਵਿਚ ਕਾਂਗਰਸ ਸਰਕਾਰ ਸਮੇਂ ਫੂਡ ਸਪਲਾਈ ਮੰਤਰੀ ਸਨ ਅਤੇ ਉਸ ਵੇਲੇ ਹੋਏ ਟੈਂਡਰ ਘਪਲਾ ਮਾਮਲੇ ਵਿਚ ਉਨ੍ਹਾਂ ਦਾ ਨਾਮ ਗੂੰਜਿਆ ਸੀ। ਇਸਦੇ ਚੱਲਦਿਆਂ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਵਲੋਂ ਲੰਘੀ 1 ਅਗਸਤ ਨੂੰ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗਿ੍ਰਫਤਾਰ ਕੀਤਾ ਗਿਆ ਸੀ ਤੇ ਅਧਿਕਾਰੀਆਂ ਨੇ ਆਸ਼ੂ ਨੂੰ 10 ਦਿਨਾਂ ਦੇ ਰਿਮਾਂਡ ’ਤੇ ਲਿਆ ਹੋਇਆ ਸੀ ਤੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ।