ਮਾਨਸਾ : ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਅੱਠ ਸੜਕੀ ਪ੍ਰਾਜੈਕਟ ਰੱਦ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਿਹਾ ਕਿ ਕੇਂਦਰੀ ਹਕੂਮਤ ਵੱਲੋਂ ਪੰਜਾਬ ਅੰਦਰਲੇ ਸੜਕੀ ਪ੍ਰਾਜੈਕਟਾਂ ਦੇ ਮਸਲੇ ਬਾਰੇ ਕੀਤੀ ਜਾ ਰਹੀ ਕਾਰਵਾਈ ਗਲਤ ਹੈ। ਜਥੇਬੰਦੀ ਨੇ ਕਿਹਾ ਕਿ ਸੜਕੀ ਪ੍ਰਾਜੈਕਟਾਂ ਲਈ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦਾ ਮਾਰਕੀਟ ਦੇ ਹਿਸਾਬ ਨਾਲ ਢੁਕਵਾਂ ਭਾਅ ਨਾ ਦਿੱਤੇ ਜਾਣ ਕਾਰਨ ਕਿਸਾਨ ਜਬਰੀ ਜ਼ਮੀਨਾਂ ਗ੍ਰਹਿਣ ਕਰਨ ਦਾ ਵਿਰੋਧ ਕਰ ਰਹੇ ਹਨ ਅਤੇ ਹਮੇਸ਼ਾ ਵਾਂਗ ਸਰਕਾਰ ਆਪਣੀ ਮਨਚਾਹੀ ਵਿਉਂਤ ਜਬਰੀ ਠੋਸਣ ਵਾਸਤੇ ਇਸ ਨੂੰ ਵਿਕਾਸ ਵਿੱਚ ਅੜਿੱਕਾ ਬਣਾ ਕੇ ਪੇਸ਼ ਕਰ ਰਹੀ ਹੈ।