ਗਿੱਦੜਬਾਹਾ ’ਚ ਕਾਂਗਰਸ ਅਤੇ ਅਕਾਲੀ ਦਲ ’ਚ ਸਖਤ ਟੱਕਰ ਹੋਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਹਲਚਲ ਵਧਾ ਦਿੱਤੀ ਹੈ। ਚੋਣ ਕਮਿਸ਼ਨ ਵਲੋਂ ਅਜੇ ਤੱਕ ਇਨ੍ਹਾਂ ਚਾਰ ਹਲਕਿਆਂ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ ਭਾਵੇਂ ਅਜੇ ਤੱਕ ਨਹੀਂ ਕੀਤਾ ਗਿਆ, ਪਰ ਸਿਆਸੀ ਆਗੂਆਂ ਨੇ ਇਨ੍ਹਾਂ ਹਲਕਿਆਂ ਵਿਚ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀ ਸੀਟ ਇਨ੍ਹਾਂ ਚਾਰਾਂ ਸੀਟਾਂ ਵਿਚੋਂ ਅਹਿਮ ਮੰਨੀ ਜਾ ਰਹੀ ਹੈ ਅਤੇ ਇਸ ਸੀਟ ’ਤੇ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਫਸਵਾਂ ਮੁਕਾਬਲਾ ਹੋਣ ਦੇ ਅਸਾਰ ਬਣ ਗਏ ਹਨ। ਗਿੱਦੜਬਾਹਾ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਰਾਜਾ ਵੜਿੰਗ ਵਿਧਾਇਕ ਸਨ ਅਤੇ ਉਨ੍ਹਾਂ ਨੇ ਲੋਕ ਸਭਾ ਦੀ ਚੋਣ ਜਿੱਤ ਕੇ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਗਿੱਦੜਬਾਹਾ ਸੀਟ ’ਤੇ ਕਈ ਸਿਆਸੀ ਆਗੂ ਚੋਣ ਮੈਦਾਨ ਵਿਚ ਆਉਣ ਲਈ ਤਿਆਰ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਗਿੱਦੜਬਾਹਾ ਤੋਂ ਚੋਣ ਲੜ ਸਕਦੇ ਹਨ ਅਤੇ ਉਨ੍ਹਾਂ ਨੇ ਵੀ ਇਸ ਹਲਕੇ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਚਲਾਇਆ ਹੋਇਆ ਹੈ। ਇਸੇ ਤਰ੍ਹਾਂ ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਵੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੀ ਇਹ ਚਾਰੋ ਸੀਟਾਂ ਜਿੱਤਣ ਲਈ ਪੂਰਾ ਜ਼ੋਰ ਲਗਾਏਗੀ।