ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਬਕਾਲਾ ਵਿਖੇ ਕੀਤਾ ਐਲਾਨ
ਬਾਬਾ ਬਕਾਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਭੈਣ ਅਤੇ ਭਰਾ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ, ਜਿੱਥੇ ਫਾਇਰ ਬਿ੍ਰਗੇਡ ਵਿਚ ਕੁੜੀਆਂ ਵੀ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਵੀ ਵੱਡੀਆਂ ਪੋਸਟਾਂ ਆਉਣਗੀਆਂ ਅਤੇ ਆਂਗਣਵਾੜੀ ਵਿਚ ਵੀ 3 ਹਜ਼ਾਰ ਹੋਰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ 6 ਕੁੜੀਆਂ ਐਸ.ਐਸ.ਪੀ. ਹਨ ਅਤੇ 8 ਕੁੜੀਆਂ ਡੀ.ਐਸ.ਪੀ. ਦੇ ਅਹੁਦੇ ’ਤੇ ਹਨ। ਸੀਐਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ ਪੰਜਾਬ ਵਿਚ 44,666 ਨੌਕਰੀਆਂ ਦੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨੀਅਤ ਸਾਫ ਹੋਵੇ ਤਾਂ ਕੰਮ ਵੀ ਹੁੰਦੇ ਹਨ। ਇਸ ਮੌਕੇ ਉਨ੍ਹਾਂ ‘ਆਪ’ ਸਰਕਾਰ ਦੀਆਂ ਉਪਲਬਧੀਆਂ ਵੀ ਗਿਣਾਈਆਂ।