
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ : ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਇਕ ਪਾਸੜ ਜਿੱਤ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਚ ਆਉਂਦੀ 1 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਚੋਣ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਹੈ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਵੀ ਸੂਬੇ ਵਿਚ ਭਾਜਪਾ ਦੀ ਹੀ ਸਰਕਾਰ ਬਣੇਗੀ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਦੀ ਇਕ ਪਾਸੜ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪਰਿਵਾਰ ਵਿਚ ਲਗਾਤਾਰ ਵਿਸਥਾਰ ਹੋ ਰਿਹਾ ਹੈ ਅਤੇ ਪਾਰਟੀ ਦਾ ਗ੍ਰਾਫ ਲਗਾਤਾਰ ਉੱਚਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਦਾ ਗਰਾਫ ਉੱਪਰ ਵੱਲ ਜਾਂਦਾ ਹੈ ਤਾਂ ਕਾਂਗਰਸੀ ਪੇ੍ਰਸ਼ਾਨ ਹੋ ਜਾਂਦੇ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਵੀ ਹਰਿਆਣਾ ਵਿਚ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨੀ ਹੈ ਅਤੇ ਮੁਕਾਬਲਾ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੋਣ ਦੀ ਸੰਭਾਵਨਾ ਹੈ।