ਪੰਜਾਬ ‘ਚ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਨੇ ਵਧਾਈ ਚਿੰਤਾ
ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਸਤਰੀ ਵਿੰਗ ਬਣਾਉਣ ਲਈ ਪੰਜਾਬ ਪੱਧਰੀ ਮੀਟਿੰਗ ਲੁਧਿਆਣਾ ਦੇ ਕਸਬਾ ਪਾਇਲ ਵਿਚ ਹੋਈ ਜਿਸ ਵਿੱਚ ਵੱਡੀ ਗਿਣਤੀ ਬੀਬੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦਾ ਧਰਤੀ ਹੇਠਲਾ ਸਾਰਾ ਪਾਣੀ ਖ਼ਤਰਨਾਕ ਹੱਦ ਤਕ ਦੂਸ਼ਿਤ ਹੋ ਚੁੱਕਾ ਹੈ, ਜਿਸ ਸਬੰਧੀ ਕੇਂਦਰੀ ਸਿੰਜਾਈ ਮੰਤਰੀ ਨੇ ਸੰਸਦ ਵਿੱਚ ਪਾਣੀ ਦੇ ਦੂਸ਼ਿਤ ਹੋਣ ਵਾਲੀ ਪੇਸ਼ ਕੀਤੀ ਰਿਪੋਰਟ ਵਿੱਚ ਮੰਨਿਆ ਹੈ ਕਿ ਧਰਤੀ ਹੇਠਲੇ ਸਾਰੇ ਜ਼ਿਲ੍ਹਿਆਂ ਦਾ ਪਾਣੀ ਕੈਂਸਰ ਅਤੇ ਕਾਲੇ ਪੀਲੀਏ ਵਰਗੀਆਂ ਭਿਆਨਕ ਬਿਮਾਰੀਆਂ ਫੈਲਾ ਰਿਹਾ ਹੈ। ਇਨ੍ਹਾਂ ਬਿਮਾਰੀਆਂ ਵਿੱਚੋਂ ਪੰਜਾਬ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣ ਗਿਆ ਹੈ।
ਰਾਜੇਵਾਲ ਨੇ ਕਿਹਾ ਕਿ ਇਸ ਤੋਂ ਧਰਤੀ ਹੇਠਲੇ ਪਾਣੀ ਦੀ ਅਗਲੀ ਤਹਿ ਲੈੱਡ ਨਾਈਟਰੇਟਸ ਅਤੇ ਬਹੁਤ ਸਾਰੇ ਜ਼ਹਿਰੀਲੇ ਰਸਾਇਣ ਕਾਰਨ ਇੰਨੀ ਦੂਸ਼ਿਤ ਹੋ ਗਈ ਹੈ ਕਿ ਉਸ ਦਾ ਪਾਣੀ ਨਾ ਫ਼ਸਲਾਂ ਨੂੰ ਵਰਤਣ ਯੋਗ ਰਿਹਾ ਅਤੇ ਨਾ ਹੀ ਪੀਣ ਯੋਗ ਰਹੇਗਾ। ਇਸ ਲਈ ਪੰਜਾਬ ਵਾਸੀਆਂ ਨੂੰ ਆਪਣੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਹਰ ਘਰ ਅਤੇ ਖੇਤੀ ਲਈ ਨਹਿਰੀ ਪਾਣੀ ਲੈਣ ਲਈ ਸੰਘਰਸ਼ ਕਰਨਾ ਪਵੇਗਾ। ਇਸ ਮੌਕੇ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ, ਗਰੀਬੀ ਅਤੇ ਨਸ਼ਿਆਂ ਨੇ ਪੰਜਾਬ ਦਾ ਮੁਹਾਂਦਰਾ ਹੀ ਵਿਗਾੜ ਦਿੱਤਾ ਹੈ।
ਪੰਜਾਬ ਦੇ ਸਕੱਤਰ ਮੁਕੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਨਾਲ ਕਿਸੇ ਵੀ ਕੇਂਦਰੀ ਹਕੂਮਤ ਨੇ ਭਲੀ ਨਹੀਂ ਕੀਤੀ ਇਸ ਲਈ ਆਪਣੇ ਹੱਕ ਲੈਣ ਲਈ ਪੰਜਾਬੀਆਂ ਨੂੰ ਖ਼ੁਦ ਸੰਘਰਸ਼ ਕਰਨਾ ਪਵੇਗਾ। ਜਨਰਲ ਸਕੱਤਰ ਰਾਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀ ਦੇ ਨਾਲ ਨਾਲ ਵਾਤਾਵਰਨ ਵੀ ਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੁਧਿਆਣੇ ਦੇ ਬੁੱਢੇ ਨਾਲੇ ਦੀ ਸਫਾਈ ਲਈ ਰੱਖੀ 24 ਦੀ ਰੈਲੀ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ।
ਪੰਜਾਬ ‘ਚ ਦੇਸੀ ਘਿਓ ਦੇ 21 ਫੀਸਦ ਨਮੂਨੇ ਫੇਲ੍ਹ
ਪੰਜਾਬ ਦਾ ਦੇਸੀ ਘਿਓ ਹੁਣ ਸ਼ੁੱਧ ਨਹੀਂ ਰਿਹਾ। ਇਹ ਭੋਜਨ ਸੁਰੱਖਿਆ ਮਾਪਦੰਡਾਂ ‘ਤੇ ਖਰਾ ਨਹੀਂ ਉਤਰਿਆ। ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਲਏ ਨਮੂਨਿਆਂ ‘ਚੋਂ ਦੇਸੀ ਘਿਓ ਦੇ 21.4 ਫ਼ੀਸਦ ਨਮੂਨੇ ਭੋਜਨ ਸੁਰੱਖਿਆ ਮਿਆਰਾਂ ‘ਤੇ ਪੂਰੇ ਨਹੀਂ ਉੱਤਰੇ। ਇਸੇ ਤਰ੍ਹਾਂ ਦੁੱਧ ਦੇ 13.6 ਫ਼ੀਸਦ ਨਮੂਨੇ ਮਿਆਰਾਂ ਦੇ ਅਨੁਕੂਲ ਨਹੀਂ ਸਨ। ਪੰਜਾਬ ਦੀ ਪਛਾਣ ਦੁੱਧ ਤੇ ਦੇਸੀ ਘਿਓ ਨੇ ਨਿਖਾਰੀ ਹੈ ਅਤੇ ਇਹੀ ਘਿਓ ਹੁਣ ਮਿਆਰਾਂ ਤੋਂ ਤਿਲਕ ਗਿਆ ਹੈ। ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਦੇ ਤੱਥਾਂ ਅਨੁਸਾਰ 2023-24 ਵਿੱਚ ਦੁੱਧ ਦੇ ਇਕੱਠੇ ਕੀਤੇ 646 ਨਮੂਨਿਆਂ ‘ਚੋਂ 88 ਮਿਆਰਾਂ ‘ਤੇ ਖਰੇ ਨਹੀਂ ਉੱਤਰੇ। ਖੋਏ ਦੇ 26 ਫ਼ੀਸਦੀ ਨਮੂਨੇ ਫ਼ੇਲ੍ਹ ਹੋਏ ਹਨ। ਬੀਤੇ ਤਿੰਨ ਵਰ੍ਹਿਆਂ 2021-24 ਦੌਰਾਨ ਦੁੱਧ ਦੇ ਕੁੱਲ 20,988 ਨਮੂਨੇ ਭਰੇ ਗਏ, ਜਿਨ੍ਹਾਂ ‘ਚੋਂ 3,712 ਨਮੂਨੇ ਅਨੁਕੂਲ ਨਹੀਂ ਪਾਏ ਗਏ। ਸਾਲ 2023-24 ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੇ ਕੁੱਲ 6,041 ਨਮੂਨੇ ਭਰੇ ਗਏ ਸਨ ਜਿਨ੍ਹਾਂ ‘ਚੋਂ 929 ਨਮੂਨੇ ਫੇਲ੍ਹ ਹੋਏ ਹਨ। ਸਾਲ 2023-24 ਦੌਰਾਨ ਪੰਜਾਬ ਸਰਕਾਰ ਨੇ 1,577 ਸਿਵਲ ਕੇਸ ਕੀਤੇ ਅਤੇ 76 ਕੇਸਾਂ ਵਿੱਚ ਅਪਰਾਧਿਕ ਕਾਰਵਾਈ ਕੀਤੀ।
Check Also
ਪੰਜਾਬ ਅਸੈਂਬਲੀ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣ ਹੁਣ 20 ਨੂੰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਣੇ ਵੱਖ-ਵੱਖ ਤਿਉਹਾਰਾਂ ਕਰਕੇ ਲਿਆ ਫੈਸਲਾ …