ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਲੜ ਸਕਦੇ ਹਨ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਬਰਨਾਲਾ ਤੇ ਗਿੱਦੜਬਾਹਾ ਵਿਚ ਜ਼ਿਮਨੀ ਚੋਣ ਹੋਣੀ ਹੈ, ਜਿਸ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਇਨ੍ਹਾਂ ਚਾਰਾਂ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਚੋਣ ਜਿੱਤ ਲਈ ਸੀ ਅਤੇ ਹੁਣ ਇਹ ਚਾਰੇ ਸੀਟਾਂ ਖਾਲੀ ਪਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਇਨ੍ਹਾਂ ਚਾਰਾਂ ਸੀਟਾਂ ਲਈ ਉਮੀਦਵਾਰ ਤੈਅ ਕਰਨ ਵਾਸਤੇ ਇਨ੍ਹਾਂ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗਾ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਉਹਨਾਂ ਦੱਸਿਆ ਕਿ ਪਾਰਟੀ ਦਾ ਪਾਰਲੀਮਾਨੀ ਬੋਰਡ 24 ਅਗਸਤ ਨੂੰ ਚੱਬੇਵਾਲ, 27 ਅਗਸਤ ਨੂੰ ਡੇਰਾ ਬਾਬਾ ਨਾਨਕ ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕਰੇਗਾ। ਬੋਰਡ ਦੇ ਮੈਂਬਰਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਹਨ। ਪਾਰਲੀਮਾਨੀ ਬੋਰਡ ਗਿੱਦੜਬਾਹਾ ਹਲਕੇ ਦਾ ਕਿਸ ਦਿਨ ਦੌਰਾ ਕਰੇਗਾ, ਇਹ ਨਹੀਂ ਦੱਸਿਆ ਗਿਆ। ਪਰ ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਗਿੱਦੜਬਾਹਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜ ਸਕਦੇ ਹਨ।