ਭਾਰਤੀ ਵਿਦੇਸ਼ ਮੰਤਰਾਲੇ ਨੇ ਕਤਰ ਸਰਕਾਰ ਕੋਲ ਚੁੱਕਿਆ ਮਾਮਲਾ
ਅੰਮਿ੍ਰਤਸਰ/ਬਿਊਰੋ ਨਿਊਜ਼
ਅਰਬ ਮੁਲਕ ਕਤਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਉਥੋਂ ਦੀ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲੈਣ ਕਾਰਨ ਵਿਸ਼ਵ ਭਰ ਦੇ ਸਿੱਖਾਂ ਵਿੱਚ ਰੋਸ ਹੈ। ਪਾਵਨ ਸਰੂਪ ਨੂੰ ਰਾਜਧਾਨੀ ਦੋਹਾ ਦੇ ਅਲ ਵਕਾਰਾ ਪੁਲਿਸ ਥਾਣੇ ਵਿਚ ਰੱਖਿਆ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿੱਚ ਭਾਰਤੀ ਦੂਤਾਵਾਸ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਤਰ ਵਿੱਚ ਇਕ ਸਿੱਖ ਵਿਅਕਤੀ ਨੇ ਆਪਣੀ ਇਮਾਰਤ ਵਿੱਚ ਪਾਵਨ ਸਰੂਪ ਰੱਖਿਆ ਹੋਇਆ ਸੀ ਜਿਥੇ ਉਹ ਅਤੇ ਹੋਰ ਸੰਗਤ ਨਤਮਸਤਕ ਹੁੰਦੇ ਸਨ, ਪਰ ਜਦੋਂ ਉਥੋਂ ਦੀ ਸਥਾਨਕ ਪੁਲਿਸ ਨੂੰ ਪਤਾ ਲੱਗਾ ਤਾਂ ਉਸਨੇ ਸਿੱਖ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪਾਵਨ ਸਰੂਪ ਨੂੰ ਵੀ ਕਬਜ਼ੇ ਵਿੱਚ ਲੈ ਲਿਆ। ਇਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਨੂੰ ਛੱਡ ਦਿੱਤਾ ਪਰ ਪਾਵਨ ਸਰੂਪ ਪੁਲਿਸ ਦੇ ਕਬਜ਼ੇ ਵਿੱਚ ਹੀ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦਾ ਵਿਰੋਧ ਕੀਤਾ ਹੈ ਅਤੇ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿਚ ਭਾਰਤੀ ਦੂਤਾਵਾਸ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਇਸ ਦੇ ਚੱਲਦਿਆਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕਤਰ ਸਰਕਾਰ ਕੋਲ ਇਹ ਮਾਮਲਾ ਚੁੱਕਿਆ ਹੈ।