![](https://parvasinewspaper.com/wp-content/uploads/2024/08/Dhami-1.jpg)
ਧਾਮੀ ਨੇ ਬੇਨਿਯਮੀਆਂ ਕਰਨ ਵਾਲੇ ਕਰਮਚਾਰੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਸਮੇਂ ਸ਼ਰਤਾਂ ਦੀ ਅਣਦੇਖੀ ਹੋਣ ਦੇ ਮੁੜ ਫਿਰ ਆਰੋਪ ਲਗਾਏ ਹਨ। ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸਐੱਸ ਸਾਰੋਂ ਕੋਲੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਪੜਤਾਲ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦੀ ਪਾਲਣਾ ਨਹੀਂ ਕਰ ਰਹੀ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸੰਗਤ ਕੋਲੋਂ ਇਹ ਸੂਚਨਾ ਪ੍ਰਾਪਤ ਹੋ ਰਹੀ ਹੈ ਕਿ ਸਰਕਾਰੀ ਕਰਮਚਾਰੀ ਤਾਜ਼ਾ ਲੋਕ ਸਭਾ ਚੋਣਾਂ ਵਾਲੀ ਸੂਚੀ ਨੂੰ ਅਧਾਰ ਬਣਾ ਕੇ ਸਿੱਧੇ ਤੌਰ ’ਤੇ ਹੀ ਵੋਟਾਂ ਬਣਾ ਰਹੇ ਹਨ ਅਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਨੂੰ ਸ਼ਰ੍ਹੇਆਮ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਮਿਸ਼ਨਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਬੇਨਿਯਮੀਆਂ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।