Breaking News
Home / ਭਾਰਤ / ਕੰਗਣਾ ਰਣੌਤ ਦੇ ਬਿਆਨ ਮਗਰੋਂ ਭਾਜਪਾ ਦੀਆਂ ਮੁਸ਼ਕਲਾਂ ਵਧੀਆਂ

ਕੰਗਣਾ ਰਣੌਤ ਦੇ ਬਿਆਨ ਮਗਰੋਂ ਭਾਜਪਾ ਦੀਆਂ ਮੁਸ਼ਕਲਾਂ ਵਧੀਆਂ

ਕਿਸਾਨੀ ਅੰਦੋਲਨ ਨੂੰ ਲੈ ਕੇ ਕੰਗਣਾ ਨੇ ਕੀਤੀ ਸੀ ਇਤਰਾਜ਼ਯੋਗ ਟਿੱਪਣੀ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਣਾ ਰਣੌਤ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਤਲ ਤੇ ਜਬਰ-ਜਨਾਹ ਹੋਣ ਸਬੰਧੀ ਦਿੱਤੇ ਬਿਆਨ ਨਾਲ ਸਿਆਸੀ ਪਾਰਾ ਵਧ ਗਿਆ ਹੈ। ਇਹ ਬਿਆਨ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਆਉਣ ਕਰਕੇ ਹਰਿਆਣਾ ਵਿੱਚ ਭਾਜਪਾ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ। ਹਾਲਾਂਕਿ ਕੰਗਨਾ ਦੇ ਬਿਆਨ ਤੋਂ ਬਾਅਦ ਭਾਜਪਾ ਆਗੂਆਂ ਨੇ ਚੁੱਪ ਵੱਟ ਲਈ ਹੈ ਜਦਕਿ ਕਿਸਾਨ ਆਗੂਆਂ ਵੱਲੋਂ ਲਗਾਤਾਰ ਭਾਜਪਾ ਨੂੰ ਘੇਰਿਆ ਜਾ ਰਿਹਾ ਹੈ।
ਦੱਸਣਾ ਬਣਦਾ ਹੈ ਕਿ ਕੰਗਣਾ ਨੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਹੱਦ ‘ਤੇ ਜਬਰ-ਜਨਾਹ ਤੇ ਕਤਲ ਹੋਏ ਸਨ। ਜੇ ਉਸ ਵੇਲੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਨਾ ਹੁੰਦੀ ਤਾਂ ਹਾਲਾਤ ਬੰਗਲਾਦੇਸ਼ ਵਰਗੇ ਹੋਣੇ ਸਨ।
ਜ਼ਿਕਰਯੋਗ ਹੈ ਕਿ ਕੰਗਣਾ ਨੇ ਕਿਸਾਨੀ ਅੰਦੋਲਨ ਸਮੇਂ ਵੀ ਕਈ ਵਾਰ ਕਿਸਾਨਾਂ ਬਾਰੇ ਵਿਵਾਦਿਤ ਬਿਆਨ ਦਿੱਤੇ ਸਨ। ਉਸ ਨੇ ਹੁਣ ਮੁੜ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨੀ ਸਬੰਧੀ ਬਿਆਨ ਦਿੱਤਾ ਹੈ ਜਿਸ ਨਾਲ ਭਾਜਪਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਕਿਸਾਨੀ ਅੰਦੋਲਨ ਸਮੇਂ ਸਮੁੱਚੇ ਦੇਸ਼ ਤੋਂ ਕਿਸਾਨਾਂ ਨੇ ਦਿੱਲੀ ਧਰਨੇ ਵਿਚ ਸ਼ਮੂਲੀਅਤ ਕੀਤੀ ਸੀ ਪਰ ਉਸ ਅੰਦੋਲਨ ਦੀ ਅਗਵਾਈ ਪੰਜਾਬ ਤੇ ਹਰਿਆਣਾ ਨੇ ਕੀਤੀ ਸੀ। ਇਸ ਕਰਕੇ ਹਰਿਆਣਾ ਦੇ ਕਿਸਾਨਾਂ ਵਿੱਚ ਕੰਗਣਾ ਦੇ ਬਿਆਨ ਨੂੰ ਲੈ ਕੇ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।
ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਆਗੂ ਅਭਿਮੰਨਿਊ ਕੋਹਾੜ ਨੇ ਕੰਗਣਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਕਤ ਬਿਆਨ ‘ਤੇ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ। ਜੇ ਪ੍ਰਧਾਨ ਮੰਤਰੀ ਜਾਂ ਭਾਜਪਾ ਵੱਲੋਂ ਇਸ ਬਿਆਨ ‘ਤੇ ਕੋਈ ਐਕਸ਼ਨ ਨਾ ਲਿਆ ਗਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਕੰਗਣਾ ਰਣੌਤ ਖਿਲਾਫ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਰਾਮਿੰਦਰ ਸਿੰਘ ਪਟਿਆਲ ਨੇ ਕਿਹਾ ਕਿ ਕੰਗਣਾ ਦਾ ਮਾਨਸਿਕ ਸੰਤੁਲਣ ਹਿੱਲ ਗਿਆ ਹੈ। ਉਹ ਖ਼ਬਰਾਂ ਵਿੱਚ ਰਹਿਣ ਲਈ ਅਜਿਹੀ ਸ਼ਬਦਾਵਲੀ ਦੀ ਵਰਤੋਂ ਕਰਦੀ ਹੈ। ਇਸ ਬਾਰੇ ਭਾਜਪਾ ਦੀ ਹਾਈਕਮਾਂਡ ਨੂੰ ਉਸ ‘ਤੇ ਕਾਰਵਾਈ ਕਰਨੀ ਚਾਹੀਦੀ ਹੈ। ਜੇ ਭਾਜਪਾ ਅਜਿਹਾ ਨਹੀਂ ਕਰਦੀ ਤਾਂ ਸਪਸ਼ਟ ਹੋਵੇਗਾ ਕਿ ਕੰਗਣਾ ਨੂੰ ਭਾਜਪਾ ਬੋਲਣ ਲਈ ਸ਼ਹਿ ਦੇ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਭਾਜਪਾ ਨੇ ਕਈ ਵਾਰ ਕੋਝੀਆਂ ਚਾਲਾਂ ਚੱਲੀਆਂ ਹਨ। ਹੁਣ ਭਾਜਪਾ ਦੀ ਸੰਸਦ ਮੈਂਬਰ ਜਾਣਬੁੱਝ ਕੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਅਜਿਹੀ ਸ਼ਬਦਾਵਲੀ ਦੀ ਵਰਤੋਂ ਕਰ ਰਹੀ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਭਾਜਪਾ ਨੇ ਕਿਸਾਨਾਂ ਬਾਰੇ ਕੰਗਣਾ ਦੇ ਬਿਆਨ ‘ਤੇ ਜਤਾਈ ਅਸਹਿਮਤੀ
ਸੰਸਦ ਮੈਂਬਰ ਨੂੰ ਭਵਿੱਖ ‘ਚ ਅਜਿਹੀ ਟਿੱਪਣੀ ਨਾ ਕਰਨ ਦੇ ਦਿੱਤੇ ਨਿਰਦੇਸ਼
ਨਵੀਂ ਦਿੱਲੀ : ਭਾਜਪਾ ਨੇ ਆਪਣੀ ਸੰਸਦ ਮੈਂਬਰ ਕੰਗਣਾ ਰਣੌਤ ਦੀ ਕਿਸਾਨ ਅੰਦੋਲਨ ਸਬੰਧੀ ਵਿਵਾਦਤ ਟਿੱਪਣੀ ਨਾਲ ਅਸਹਿਮਤੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਸ ਨੂੰ ਭਵਿੱਖ ‘ਚ ਅਜਿਹੀ ਟਿੱਪਣੀ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੰਗਣਾ ਨੇ ਬੀਤੇ ਦਿਨੀਂ ਕਿਹਾ ਸੀ ਕਿ ਜੇ ਭਾਰਤ ਦੀ ਸਿਖਰਲੀ ਲੀਡਰਸ਼ਿਪ ਮਜ਼ਬੂਤ ਨਾ ਹੁੰਦੀ ਤਾਂ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਦੇਸ਼ ‘ਚ ਬੰਗਲਾਦੇਸ਼ ਵਰਗੇ ਹਾਲਾਤ ਬਣ ਸਕਦੇ ਸਨ। ਭਾਜਪਾ ਨੇ ਇਸ ਸਬੰਧੀ ਨਵੀਂ ਦਿੱਲੀ ਦੇ ਡੀਡੀਯੂ ਮਾਰਗ ਸਥਿਤ ਆਪਣੇ ਕੌਮੀ ਹੈੱਡ ਕੁਆਰਟਰ ਤੋਂ ਬਿਆਨ ਜਾਰੀ ਕਰਦਿਆਂ ਕਿਹਾ, ”ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਵੱਲੋਂ ਕਿਸਾਨ ਅੰਦੋਲਨ ਦੇ ਸੰਦਰਭ ‘ਚ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਭਾਜਪਾ ਕੰਗਣਾ ਦੇ ਬਿਆਨ ‘ਤੇ ਆਪਣੀ ਅਸਹਿਮਤੀ ਜ਼ਾਹਰ ਕਰਦੀ ਹੈ। ਪਾਰਟੀ ਦੇ ਨੀਤੀਗਤ ਮੁੱਦਿਆਂ ‘ਤੇ ਬੋਲਣ ਲਈ ਕੰਗਣਾ ਨੂੰ ਨਾ ਤਾ ਇਜਾਜ਼ਤ ਹੈ ਅਤੇ ਨਾ ਹੀ ਉਹ ਅਧਿਕਾਰਤ ਤੌਰ ‘ਤੇ ਅਜਿਹੇ ਬਿਆਨ ਦੇ ਸਕਦੀ ਹੈ।” ਬਿਆਨ ਅਨੁਸਾਰ ਭਾਜਪਾ ਵੱਲੋਂ ਕੰਗਣਾ ਨੂੰ ਭਵਿੱਖ ਵਿੱਚ ਅਜਿਹੇ ਬਿਆਨ ਨਾ ਦੇਣ ਦੇ ਹੁਕਮ ਦਿੱਤੇ ਗਏ ਹਨ। ਬਿਆਨ ਵਿੱਚ ਕਿਹਾ ਗਿਆ ਹੈ, ”ਭਾਜਪਾ ਆਪਣੇ ‘ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ ਅਤੇ ਸਭ ਕਾ ਪ੍ਰਯਾਸ’ ਵਰਗੇ ਸਿਧਾਤਾਂ ‘ਤੇ ਚੱਲਣ ਲਈ ਵਚਨਬੱਧ ਹੈ।”
ਪ੍ਰਧਾਨ ਮੰਤਰੀ ਮੋਦੀ ਖੁਦ ਮੁਆਫੀ ਮੰਗਣ : ਐੱਸਕੇਐੱਮ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਵੱਲੋਂ ਕਿਸਾਨਾਂ ਬਾਰੇ ਕੀਤੀ ਟਿੱਪਣੀ ਦੀ ਨਿੰਦਾ ਕੀਤੀ ਹੈ। ਐੱਸਕੇਐੱਮ ਆਗੂਆਂ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਉਨ੍ਹਾਂ ਦੀ ਪਾਰਟੀ ਦੀ ਸੰਸਦ ਮੈਂਬਰ ਵੱਲੋਂ ਕੀਤੀ ਗਈ ਨਿੰਦਣਯੋਗ ਅਤੇ ਝੂਠੀ ਟਿੱਪਣੀ ਲਈ ਕਿਸਾਨਾਂ ਤੋਂ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਦੇਸ਼ ਦੇ ‘ਅੰਨਾਦਾਤਿਆਂ’ ਨਾਲ ਖੜੇ ਹੋਣ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੰਗਨਾ ਰਣੌਤ ਨੂੰ ਇਸ ਗ਼ਲਤ ਬਿਆਨੀ ਲਈ ਦੇਸ਼ ਦੇ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੰਗਨਾ ਰਣੌਤ ਮੁਆਫ਼ੀ ਨਹੀਂ ਮੰਗਦੀ ਤਾਂ ਐੱਸਕੇਐੱਮ ਵੱਲੋਂ ਉਸ ਦਾ ਜਨਤਕ ਬਾਈਕਾਟ ਕੀਤਾ ਜਾਵੇਗਾ।

 

 

Check Also

ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ

ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …