Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ‘ਚ ਮੁਜ਼ਾਹਰਾ ਕਰਨ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ‘ਚ ਮੁਜ਼ਾਹਰਾ ਕਰਨ ਦਾ ਐਲਾਨ

2 ਸਤੰਬਰ ਨੂੰ ਚੰਡੀਗੜ੍ਹ ‘ਚ ਕਿਸਾਨ ਕਰਨਗੇ ਰੋਸ ਪ੍ਰਦਰਸ਼ਨ
ਲੁਧਿਆਣਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਲਈ ਦੋ ਸਤੰਬਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿੱਚ ਰੁਲਦੂ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ ਅਤੇ ਬਲਵਿੰਦਰ ਸਿੰਘ ਰਾਜੂ ਔਲਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪ੍ਰਬੰਧਕ ਕਮੇਟੀ, ਸਟੇਜ ਸੰਚਾਲਣ ਕਮੇਟੀ, ਪ੍ਰੈੱਸ ਕਮੇਟੀ ਅਤੇ ਹੋਰ ਕਮੇਟੀਆਂ ਬਣਾ ਕੇ ਜਥੇਬੰਦੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਸਾਰੀਆਂ ਜਥੇਬੰਦੀਆਂ ਨੇ ਆਪੋ ਆਪਣੀ ਜਥੇਬੰਦੀ ਵੱਲੋਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਗਿਣਤੀ ਨੋਟ ਕਰਵਾਈ।
ਮੀਟਿੰਗ ਵਿੱਚ ਮਤਾ ਪਾਸ ਕਰਕੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੇ ਸੰਯੁਕਤ ਕਿਸਾਨ ਮੋਰਚਾ ਵਿਰੋਧੀ ਬਿਆਨ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਮੰਗ ਕੀਤੀ ਗਈ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੰਗਨਾ ਰਣੌਤ ਅਤੇ ਉਸ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਕਿਸਾਨ ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਣ ਅਤੇ ਉਨ੍ਹਾਂ ਦੀਆਂ ਟਿਕਟਾਂ ਰੱਦ ਕਰਨ ਦੀ ਨਿਖੇਧੀ ਕੀਤੀ ਗਈ।
ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ‘ਤੇ ਵਧਾਈ ਡਿਊਟੀ ਰੱਦ ਕਰਨ, ਗੰਨੇ ਦੇ ਭਾਅ ਵਿੱਚ ਵਾਧਾ ਕਰਨ ਸਣੇ ਹੋਰ ਮੰਗਾਂ ਦੇ ਨਾਲ-ਨਾਲ ਇੱਕ ਹੋਰ ਮਤੇ ਰਾਹੀਂ ਪੰਜਾਬ ਦੇ ਕੋਆਪਰੇਟਿਵ ਅਦਾਰਿਆਂ ਜਿਵੇਂ ਮਾਰਕਫੈੱਡ ਅਤੇ ਮਿਲਕਫੈੱਡ ਆਦਿ ਵਿੱਚ ਭ੍ਰਿਸ਼ਟਾਚਾਰ ਕਰਨ ਵਾਲੇ ਅਫ਼ਸਰਾਂ ਖ ਿਸਖ਼ਤ ਕਾਰਵਾਈ ਕਰਨ ਅਤੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਜੰਗਵੀਰ ਸਿੰਘ ਚੌਹਾਨ, ਡਾਕਟਰ ਦਰਸ਼ਨਪਾਲ, ਬੂਟਾ ਸਿੰਘ ਬੁਰਜ ਗਿੱਲ, ਅਵਤਾਰ ਸਿੰਘ ਮੇਹਲੋਂ ਆਦਿ ਹਾਜ਼ਰ ਸਨ।
ਉਗਰਾਹਾਂ ਨੇ ਵੀ ਚੰਡੀਗੜ੍ਹ ਮੋਰਚਾ ਲਾਉਣ ਦੀ ਤਿਆਰੀ ਵਿੱਢੀ
ਖੇਤੀ ਨੀਤੀ ਸਣੇ ਹੋਰ ਅਹਿਮ ਮਸਲਿਆਂ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਚੰਡੀਗੜ੍ਹ ਵਿੱਚ ਲਗਾਏ ਜਾ ਰਹੇ ਮੋਰਚੇ ਲਈ ਤਿਆਰੀ ਵਿੱਢ ਦਿੱਤੀ ਗਈ ਹੈ। ਇਸ ਸਬੰਧੀ ਜੱਥੇਬੰਦੀ ਦੀ ਸੂਬਾਈ ਮੀਟਿੰਗ ਪਿੰਡ ਚੀਮਾ ਵਿੱਚ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਪਿੰਡ-ਪਿੰਡ ਤੋਂ ਬੱਸਾਂ ਦਾ ਪ੍ਰਬੰਧ ਕਰਕੇ ਚੰਡੀਗੜ੍ਹ ਵੱਲ ਵਹੀਰਾਂ ਘੱਤੇ ਜਾਣ ‘ਤੇ ਜ਼ੋਰ ਦਿੱਤਾ। ਉਗਰਾਹਾਂ ਨੇ ਕਿਹਾ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੀ ਚੰਡੀਗੜ੍ਹ ਖੇਤੀ ਨੀਤੀ ਮੋਰਚੇ ਵਿੱਚ ਸ਼ਾਮਲ ਹੋ ਰਹੀ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …