ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੋ ਰੋਜ਼ਾ ਇਨਫੋਰਸਮੈਂਟ ਮੁਹਿੰਮ ਦੌਰਾਨ 23 ਅਹਾਤਿਆਂ ਦਾ ਨਿਰੀਖਣ ਕੀਤਾ ਗਿਆ ਅਤੇ ਇਹ ਪਾਇਆ ਗਿਆ ਕਿ 9 ਬਾਰਾਂ ਨਾਬਾਲਗਾਂ ਨੂੰ ਸ਼ਰਾਬ ਪਰੋਸ ਕੇ ਕਾਨੂੰਨ ਦੀ ਉਲੰਘਣਾ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ ਿਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਆਬਕਾਰੀ ਤੇ ਕਰ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਨਿਰੰਤਰ ਜਾਰੀ ਯਤਨਾਂ ਦਾ ਹਿੱਸਾ ਹੈ ਅਤੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜਮ ਦੀ ਸਿੱਧੀ ਨਿਗਰਾਨੀ ਹੇਠ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ ’ਤੇ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਟੀਮਾਂ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸ਼ਰਾਬ ਵਿਕਰੇਤਾਵਾਂ ਦੇ ਸਥਾਨਾਂ ਦੀ ਲਗਾਤਾਰ ਨਿਗਰਾਨੀ ਅਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।