ਚੰਡੀਗੜ੍ਹ ’ਚ ਧਰਨਾ ਲਗਾ ਕੇ ਬੈਠੇ ਕਿਸਾਨਾਂ ਦੀ ਗੱਲ ਸੁਣੀ ਜਾਵੇ : ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੇ ਅੱਜ ਦੂਜੇ ਦਿਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ’ਚ ਧਰਨਾ ਲਗਾ ਕੇ ਬੈਠੇ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁੱਜੇ ਕਿਸਾਨਾਂ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਆਲ ਪਾਰਟੀ ਡੈਲੀਗੇਸ਼ਨ ਬਣਾਇਆ ਜਾਵੇ। ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਕਿਸਾਨਾਂ ਨੂੰ ਮਿਲੋ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰੋ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਿਹੜੀਆਂ ਮੰਗਾਂ ਸੂਬਾ ਸਰਕਾਰ ਅੱਗੇ ਹਨ, ਉਨ੍ਹਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਜਿਹੜੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਹਨ, ਉਹ ਵੀ ਸੁਣੀਆਂ ਜਾਣ। ਬਾਜਵਾ ਨੇ ਕਿਹਾ ਕਿ ਚੰਡੀਗੜ੍ਹ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਘਰਾਂ ਨੂੰ ਭੇਜਿਆ ਜਾਣਾ ਚਾਹੀਦਾ ਹੈ।