ਭਾਰਤ ਅਤੇ ਬਰੂਨਈ ਦਰਮਿਆਨ ਸਬੰਧਾਂ ਨੂੰ ਲੈ ਕੇ ਹੋਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨਈ ਦੇ ਦੌਰੇ ’ਤੇ ਗਏ ਹੋਏ ਹਨ ਅਤੇ ਉਨ੍ਹਾਂ ਨੇ ਬਰੂਨਈ ਦੇ ਸੁਲਤਾਨ ਹਾਜੀ ਹਸਨਲ ਬੋਲਕੀਆ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਇਸਤਾਨਾ ਨੂਰਲ ਇਮਾਨ ਵਿਖੇ ਮੁਲਾਕਾਤ ਕੀਤੀ ਹੈ। ਭਾਰਤ ਅਤੇ ਬਰੂਨਈ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਇਹ ਮੁਲਾਕਾਤ ਕੀਤੀ ਗਈ ਹੈ। ਮੀਟਿੰਗ ਵਿੱਚ ਉਨ੍ਹਾਂ ‘ਐਕਟ ਈਸਟ’ ਨੀਤੀ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਇੰਡੋ-ਪੈਸੀਫਿਕ ਦੇ ਆਪਣੇ ਦਿ੍ਰਸ਼ਟੀਕੋਣ ਨੂੰ ਅੱਗੇ ਵਧਾਉਣ ’ਤੇ ਵੀ ਧਿਆਨ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉਤੇ ਆਪਣੀ ਇਸ ਮੁਲਾਕਾਤ ਦੇ ਵੇਰਵੇ ਸਾਂਝੇ ਕਰਦੇ ਹੋਏ ਕਿਹਾ ਕਿ ਸੁਲਤਾਨ ਹਾਜੀ ਹਸਨਲ ਬੋਲਕੀਆ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਸਾਡੀ ਗੱਲਬਾਤ ਵਿਆਪਕ ਸੀ ਅਤੇ ਇਸ ਵਿੱਚ ਸਾਡੇ ਦੇਸ਼ਾਂ ਵਿਚਕਾਰ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੁੱਦੇ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਸੀਂ ਵਪਾਰਕ ਸਬੰਧਾਂ ਅਤੇ ਲੋਕਾਂ ਦੇ ਆਦਾਨ-ਪ੍ਰਦਾਨ ਨੂੰ ਹੋਰ ਵਧਾਉਣ ਜਾ ਰਹੇ ਹਾਂ। ਜ਼ਿਕਰਯੋਗ ਹੈ ਕਿ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸਿੰਗਾਪੁਰ ਵੀ ਜਾਣਗੇ।