Breaking News
Home / ਹਫ਼ਤਾਵਾਰੀ ਫੇਰੀ / ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਤਾੜਨਾ

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਤਾੜਨਾ

ਇਕ ਦੂਜੇ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਦਾ ਲਿਆ ਸਖਤ ਨੋਟਿਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਵਿਚਾਰੇ ਜਾ ਰਹੇ ਮਾਮਲੇ ਦੇ ਸੰਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਯਾਦਾ ਅਤੇ ਸਰਬਉੱਚਤਾ ਦੇ ਵਿਰੁੱਧ ਹੈ, ਕਿਉਂਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਉਦੋਂ ਤੱਕ ਇਸ ‘ਤੇ ਕਿਸੇ ਤਰ੍ਹਾਂ ਦੀਆਂ ਵੀ ਟਿੱਪਣੀਆਂ ਉਚਿਤ ਨਹੀਂ ਹਨ। ਅਕਾਲ ਤਖਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਵਲੋਂ ਜਾਰੀ ਬਿਆਨ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਇਕ-ਦੂਜੇ ਦੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ।
ਸ੍ਰੀ ਅਕਾਲ ਤਖਤ ਸਾਹਿਬ ਨੂੰ ਸਾਬਕਾ ਅਕਾਲੀ ਮੰਤਰੀਆਂ ਦੇ ਸਪੱਸ਼ਟੀਕਰਨ ਦੀ ਉਡੀਕ
ਅੰਮ੍ਰਿਤਸਰ : ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਕ ਚਿੱਠੀ ਜਨਤਕ ਕਰ ਦਿੱਤੀ ਗਈ ਹੈ। ਜਿਸ ਵਿਚ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ 17 ਵਿਅਕਤੀਆਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਜਿਨ੍ਹਾਂ ਸਾਬਕਾ ਮੰਤਰੀਆਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਉਨ੍ਹਾਂ ਵਿਚ ਬੀਬੀ ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ ਸੇਖੋਂ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਇਸੇ ਤਰ੍ਹਾਂ ਸਰਵਨ ਸਿੰਘ ਫਿਲੌਰ, ਸੋਹਣ ਸਿੰਘ ਠੰਡਲ, ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਨਾਮ ਵੀ ਇਸ ਚਿੱਠੀ ਵਿਚ ਸ਼ਾਮਲ ਹੈ। ਜ਼ਿਕਰਯੋਗ ਹੈ ਕਿ 2007 ਤੋਂ 2017 ਤੱਕ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਉਸ ਸਮੇਂ ਦੇ 17 ਮੰਤਰੀਆਂ ਕੋਲੋਂ ਵੀ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ। ਧਿਆਨ ਰਹੇ ਕਿ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਆਪਣਾ ਸਪੱਸ਼ਟੀਕਰਨ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੌਂਪ ਦਿੱਤਾ ਗਿਆ ਹੈ ਅਤੇ ਬਾਕੀ ਸਾਬਕਾ ਮੰਤਰੀਆਂ ਦੇ ਸਪੱਸ਼ਟੀਕਰਨ ਦੀ ਉਡੀਕ ਕੀਤੀ ਜਾ ਰਹੀ ਹੈ।
ਮਜੀਠੀਆ ਨੇ ਵੀ ਸੌਂਪਿਆ ਆਪਣਾ ਸਪੱਸ਼ਟੀਕਰਨ : ਅੰਮ੍ਰਿਤਸਰ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ। ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਨ। ਇਸੇ ਲਈ ਉਹ ਆਪਣਾ ਸਪੱਸ਼ਟੀਕਰਨ ਨਿੱਜੀ ਤੌਰ ‘ਤੇ ਦੇਣ ਲਈ ਪੁੱਜੇ ਹਨ।

Check Also

ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ‘ਚ ਮੁਸ਼ਕਲਾਂ ਵਧੀਆਂ

ਸਟੱਡੀ ਵੀਜ਼ਾ ‘ਚ 50 ਫੀਸਦੀ ਦੀ ਗਿਰਾਵਟ ਓਟਵਾ : ਕੈਨੇਡਾ ਵਿਚ ਸਟੱਡੀ ਦੀ ਚਾਹਤ ਰੱਖਣ …