Breaking News
Home / ਪੰਜਾਬ / ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨੋਟਿਸ

ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨੋਟਿਸ

ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਸਬੰਧੀ ਵੱਖ-ਵੱਖ ਅਕਾਲੀ ਆਗੂਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਇਹ ਮਾਮਲਾ ਅਕਾਲ ਤਖਤ ਸਾਹਿਬ ਦੇ ਵਿਚਾਰ ਅਧੀਨ ਹੈ, ਉਦੋਂ ਤੱਕ ਇਸ ਮਾਮਲੇ ‘ਤੇ ਟਿੱਪਣੀਆਂ ਨਾ ਕੀਤੀਆਂ ਜਾਣ।
ਦੱਸਣਯੋਗ ਹੈ ਕਿ ਅਕਾਲ ਤਖਤ ਸਾਹਿਬ ਵਲੋਂ ਸਬੰਧਤ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਸਰਕਾਰ ਵੇਲੇ ਦੇ 17 ਸਾਬਕਾ ਅਕਾਲੀ ਮੰਤਰੀਆਂ ਨੂੰ ਅਕਾਲ ਤਖਤ ਸਾਹਿਬ ਵਿਖੇ ਸਪਸ਼ਟੀਕਰਨ ਦੇਣ ਵਾਸਤੇ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸੁਖਬੀਰ ਤੇ 4 ਹੋਰ ਸਾਬਕਾ ਮੰਤਰੀਆਂ ਨੇ ਅਗਲੇ ਹੀ ਦਿਨ ਆਪਣਾ ਸਪਸ਼ਟੀਕਰਨ ਅਕਾਲ ਤਖਤ ਵਿਖੇ ਨਿਜੀ ਤੌਰ ‘ਤੇ ਪੇਸ਼ ਹੋ ਕੇ ਦੇ ਦਿੱਤਾ ਸੀ, ਜਿਸ ਤੋਂ ਬਾਅਦ ਨਾਰਾਜ਼ ਅਕਾਲੀ ਧੜੇ ਵਲੋਂ ਸੁਖਬੀਰ ਬਾਦਲ ਦੇ ਅਕਾਲ ਤਖਤ ਸਾਹਿਬ ਵਿਖੇ ਜਾ ਕੇ ਮੱਥਾ ਟੇਕਣ ਅਤੇ ਖਿਮਾ ਯਾਚਨਾ ਪੱਤਰ ਦੇਣ ‘ਤੇ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਮਗਰੋਂ ਇਸ ਸਬੰਧ ਵਿਚ ਬਿਆਨਬਾਜ਼ੀ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਸਬੰਧ ਵਿਚ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਇਕ-ਦੂਜੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ।

 

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …