ਸ਼੍ਰੋਮਣੀ ਅਕਾਲੀ ਦਲ ਦਾ ਤਾਕਤਵਰ ਹੋਣਾ ਬੇਹੱਦ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਹਾਲਤ ’ਤੇ ਚਿੰਤਾ ਵੀ ਪ੍ਰਗਟਾਈ। ਉਨ੍ਹਾਂ ਅਕਾਲੀ ਦਲ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਤਿਆਗ ਦੀ ਭਾਵਨਾ ਦਿਖਾਉਣ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀਆਂ ਨਿਸ਼ਾਨੇ ’ਤੇ ਹਨ ਅਤੇ ਖਾਸ ਤੌਰ ’ਤੇ ਸਿੱਖਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਪਹਿਲਾਂ ਉਨ੍ਹਾਂ ਦੇ ਸ਼ਸਤਰ ਉਤਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਸਤਰ ਸਿੱਖਾਂ ਲਈ ਗਹਿਣੇ ਨਹੀਂ, ਸਗੋਂ ਧਾਰਮਿਕ ਚਿੰਨ੍ਹ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਵੀ ਸਿੱਖਾਂ ਖਿਲਾਫ ਸਿਰਜੇ ਜਾ ਰਹੇ ਬਿਰਤਾਂਤ ਦਾ ਹੀ ਨਤੀਜਾ ਹੈ। ਉਨ੍ਹਾਂ ਇਸ ਫਿਲਮ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।