ਰੰਧਾਵਾ ਨੇ ਭਗਵੰਤ ਮਾਨ ਦੀ ਸਰਕਾਰ ਨੂੰ ਵੀ ਦੱਸਿਆ ਜੁਮਲੇਬਾਜ਼
ਪਠਾਨਕੋਟ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੋ ਵੀ ਆਗੂ ਕਾਂਗਰਸ ਨੂੰ ਛੱਡ ਕੇ ਗਏ ਸਨ, ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਈ ਸੀਨੀਅਰ ਕਾਂਗਰਸੀ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਰੰਧਾਵਾ ਨੇ ਕਿਹਾ ਕਿ ਕਾਂਗਰਸ ਛੱਡ ਕੇ ਦੂਜੀਆਂ ਪਾਰਟੀਆਂ ’ਚ ਗਏ ਆਗੂ ਹੁਣ ਪਛਤਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਵਾਰ ਭਾਜਪਾ ਦਾ ਸੰਸਦ ਵਿੱਚ ਬਹੁਮਤ ਸੀ ਜਿਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸੀ ਮਨਮਾਨੀਆਂ ਕੀਤੀਆਂ ਪਰ ਹੁਣ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੂੰ ਅਜਿਹਾ ਕੁਝ ਨਹੀਂ ਕਰਨ ਦੇਣਗੇ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਉੱਪਰ ਵੀ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਹ ਸਰਕਾਰ ਵੀ ਜੁਮਲੇਬਾਜ਼ੀ ਵਾਲੀ ਸਰਕਾਰ ਹੋ ਨਿੱਬੜੀ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਸਭ ਜਾਣ ਚੁੱਕੇ ਹਨ ਕਿ ਇਸ ਸਰਕਾਰ ਦੇ ਪੱਲੇ ਕੁਝ ਵੀ ਨਹੀਂ ਹੈ।