ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਰ ਵਿੱਚ 2500 ਤੋਂ ਵੱਧ ਸਰਕਾਰੀ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੋਮਵਾਰ ਨੂੰ ਤਿੰਨ ਘੰਟੇ ਲਈ ਹੜਤਾਲ ਕੀਤੀ, ਜਿਸ ਕਾਰਨ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ’ਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ। ਡਾਕਟਰਾਂ ਦੀਆਂ ਮੰਗਾਂ ਵਿੱਚ ਕਰੀਅਰ ਪ੍ਰੋਗਰੈਸ਼ਨ ਸਕੀਮ ਬਹਾਲ ਕਰਨੀ ਤੇ ਸੁਰੱਖਿਆ ਮਾਪਦੰਡ ਯਕੀਨੀ ਬਣਾਉਣੇ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਇਸ ਹੜਤਾਲ ਦੇ ਦਿੱਤੇ ਸੱਦੇ ਤਹਿਤ 11 ਸਤੰਬਰ ਤੱਕ ਸਵੇਰੇ 8 ਵਜੇ ਤੋਂ 11 ਵਜੇ ਤੱਕ ਤਿੰਨ ਘੰਟੇ ਲਈ ਓਪੀਡੀ ਸੇਵਾਵਾਂ ਬੰਦ ਰੱਖੀਆਂ ਜਾਣਗੀਆਂ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਇਸ ਹੜਤਾਲ ਤਹਿਤ 9 ਤੋਂ 11 ਸਤੰਬਰ ਤੱਕ ਓਪੀਡੀ ਸੇਵਾਵਾਂ ਸਵੇਰੇ 8 ਤੋਂ 11 ਵਜੇ ਤੱਕ ਬੰਦ ਰੱਖੀਆਂ ਜਾਣਗੀਆਂ ਜੋ ਕਿ 11 ਵਜੇ ਤੋਂ 2 ਵਜੇ ਤੱਕ ਚੱਲਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਸਿਰਫ ਸਿਜ਼ੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੁਕੰਮਲ ਤੌਰ ’ਤੇ ਹੜਤਾਲ ਕੀਤੀ ਜਾਵੇਗੀ।