ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੰਗਲਵਾਰ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਧਾਲੀਵਾਲ ਨੇ ਪੰਜਾਬ ਅਤੇ ਖਾਸ ਕਰਕੇ ਆਪਣੇ ਵਿਧਾਨ ਸਭਾ ਹਲਕੇ ਅਜਨਾਲਾ ਨਾਲ ਸਬੰਧਤ ਮੁੱਦਿਆਂ ਨੂੰ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦਾ। ਧਾਲੀਵਾਲ ਨੇ ਅਜਨਾਲਾ ਦੇ ਸਰਹੱਦੀ ਖੇਤਰ ਬੱਲੜਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਸਬਾ ਰਮਦਾਸ ਦੇ ਰੇਲਵੇ ਸਟੇਸ਼ਨ ਨੂੰ ਵੀ ਬਾਬਾ ਬੁੱਢਾ ਸਾਹਿਬ ਦਾ ਨਾਮ ਦਿੱਤਾ ਜਾਵੇ। ਧਾਲੀਵਾਲ ਨੇ ਇਹ ਵੀ ਮੰਗ ਰੱਖੀ ਕਿ ਡੇਰਾ ਬਾਬਾ ਨਾਨਕ ਜਾਣ ਵਾਲੀ ਰੇਲ ਗੱਡੀ ਵਿਚ ਏ.ਸੀ. ਕੋਚ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਮੀਟਿੰਗ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਹੈ ਅਤੇ ਕੇਂਦਰੀ ਮੰਤਰੀ ਨੇ ਇਹ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ।