Breaking News
Home / ਕੈਨੇਡਾ / ਕੈਨੇਡਾ ‘ਚ ਦੌਲਤਪੁਰ ਦੀ ਸਿੱਖ ਸੰਗਤ ਵੱਲੋਂ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੀ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ‘ਤੇ ਸਮਾਗਮ

ਕੈਨੇਡਾ ‘ਚ ਦੌਲਤਪੁਰ ਦੀ ਸਿੱਖ ਸੰਗਤ ਵੱਲੋਂ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੀ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ‘ਤੇ ਸਮਾਗਮ

ਡਾ. ਗੁਰਵਿੰਦਰ ਸਿੰਘ ਦਾ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਅਤੇ ਦੌਲਤਪੁਰ ਨਗਰ ਵਾਸੀਆਂ ਵੱਲੋਂ ਸਨਮਾਨ
ਸਰੀ : ਕੈਨੇਡਾ ਵਸਦੀਆਂ ਪਿੰਡ ਦੌਲਤਪੁਰ, ਪੰਜਾਬ ਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ, ਮਹਾਨ ਬਬਰ ਯੋਧੇ, ਬਬਰ ਅਕਾਲੀ ਅਖਬਾਰ ਦੇ ਚੀਫ ਐਡੀਟਰ ਤੇ ਸਿੱਖ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦੀ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਦੀ ਵਰ੍ਹੇਗੰਢ ‘ਤੇ, ਸਮਾਗਮ ਕਰਵਾਏ ਗਏ। ਇਸ ਮੌਕੇ ‘ਤੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੌਲਤਪੁਰ ਦੀਆਂ ਸੰਗਤਾਂ ਵੱਲੋਂ ਸੇਵਾਦਾਰਾਂ ਭਾਈ ਭੁਪਿੰਦਰ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਭਾਈ ਭਾਗ ਸਿੰਘ ਅਤੇ ਹਰਵਿੰਦਰ ਸਿੰਘ ਥਾਂਦੀ ਸਮੇਤ ਸਮੂਹ ਪ੍ਰਬੰਧਕਾਂ ਦੀ ਅਗਵਾਈ ਵਿੱਚ ਪ੍ਰਭਾਵਸ਼ਾਲੀ ਵਿਚਾਰ ਚਰਚਾ ਹੋਈ। ਸਮਾਗਮ ਦੇ ਮੁੱਖ ਬੁਲਾਰੇ, ਇਤਿਹਾਸਕਾਰ, ਲੇਖਕ ਤੇ ਮੀਡੀਆ ਸ਼ਖਸੀਅਤ ਡਾ. ਗੁਰਵਿੰਦਰ ਸਿੰਘ ਨੂੰ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਦੇ ਗ੍ਰੰਥੀ ਸਾਹਿਬ ਅਤੇ ਪ੍ਰਬੰਧਕਾਂ ਤੋਂ ਇਲਾਵਾ ਦੌਲਤਪੁਰ ਨਗਰ ਨਿਵਾਸੀਆਂ ਵੱਲੋਂ ਇਸ ਸ਼ਤਾਬਦੀ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਸੰਚਾਲਣ ਭਾਈ ਭੁਪਿੰਦਰ ਸਿੰਘ ਹੋਠੀ ਅਤੇ ਭਾਈ ਗੁਰਮੀਤ ਸਿੰਘ ਤੂਰ ਵੱਲੋਂ ਕੀਤਾ ਗਿਆ।
ਇਸ ਮੌਕੇ ‘ਤੇ ਬੋਲਦਿਆਂ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਮਹਾਨ ਸਿੱਖ ਸ਼ਹੀਦ ਭਾਈ ਭਾਗ ਸਿੰਘ ਭਿੱਖੀਵਿੰਡ, ਭਾਈ ਬਤਨ ਸਿੰਘ ਦਲੇਰ ਸਿੰਘ ਵਾਲਾ ਅਤੇ ਭਾਈ ਕਰਮ ਸਿੰਘ ਬਬਰ ਅਕਾਲੀ ਦੇ ਸ਼ਹੀਦੀ ਸਮਾਗਮ ਸ਼ਲਾਘਾਯੋਗ ਉਪਰਾਲਾ ਹਨ। ਇਸ ਪ੍ਰਸੰਗ ਵਿੱਚ ਬੱਬਰ ਅਕਾਲੀ ਕਰਮ ਸਿੰਘ ਦੌਲਤਪੁਰ ਬਾਰੇ ਵਿਚਾਰਾਂ ਅਹਿਮੀਅਤ ਰੱਖਦੀਆਂ ਹਨ। ਬਬਰ ਅਕਾਲੀ ਲਹਿਰ ਦੇ ਮਹਾਨ ਯੋਧੇ ਸ਼ਹੀਦ ਭਾਈ ਕਰਮ ਸਿੰਘ ‘ਬਬਰ ਅਕਾਲੀ’ ਦਾ ਨਾਂ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖ਼ਰਾਂ ‘ਚ ਦਰਜ ਹੈ, ਜਿਨ੍ਹਾਂ ਕੈਨੇਡਾ ਤੋਂ ਪੰਜਾਬ ਜਾ ਕੇ ‘ਬਬਰ ਅਕਾਲੀ’ ਅਖ਼ਬਾਰ ਕੱਢਿਆ ਅਤੇ ਲੋਕਾਂ ਵਿੱਚ ਇਨਕਲਾਬੀ ਚੇਤਨਾ ਦਾ ਛੱਟਾ ਦਿੱਤਾ। ਗੁਲਾਮੀ ਦੀਆਂ ਜੰਜ਼ੀਰਾਂ ਤੋੜਨ ਲਈ ‘ਬਬਰ ਅਕਾਲੀ’ ਸ਼ਹੀਦ ਭਾਈ ਕਰਮ ਸਿੰਘ ‘ਚੀਫ਼ ਐਡੀਟਰ’ ਨੇ 101 ਸਾਲ ਪਹਿਲਾਂ, ਐਬਟਸਫੋਰਡ ਤੋਂ ਪੰਜਾਬ ਜਾ ਕੇ ਸ਼ਹੀਦੀ ਪਾਈ। ਆਪ ‘ਬਬਰ ਅਕਾਲੀ ਲਹਿਰ’ ਦੀ ਜਿੰਦ-ਜਾਨ ਸਨ ਅਤੇ ਇਸ ਜਥੇਬੰਦੀ ਨੂੰ ‘ਬਬਰ ਅਕਾਲੀ’ ਨਾਂ ਵੀ ਆਪ ਜੀ ਦੀ ਹੀ ਦੇਣ ਹੈ। ਬਬਰ ਅਕਾਲੀ ਲਹਿਰ ਦੇ ਨਾਇਕ ਭਾਈ ਕਰਮ ਸਿੰਘ ਬਬਰ ਅੰਗਰੇਜ਼ ਹਕੂਮਤ ਖ਼ਿਲਾਫ਼ ਇਨਕਲਾਬੀ ਸੰਘਰਸ਼ ਕਰਦਿਆਂ, 1 ਸਤੰਬਰ 1923 ਨੂੰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਬਬੇਲੀ ਵਿਖੇ, ਪੁਲਿਸ ਮੁਕਾਬਲਾ ਵਿਚ ਸ਼ਹੀਦ ਹੋਏ। ਅੰਗਰੇਜ਼ ਹਕੂਮਤ ਦਾ ਡੱਟ ਕੇ ਮੁਕਾਬਲਾ ਕਰਦਿਆਂ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੇ ਨਾਲ ਭਾਈ ਮਹਿੰਦਰ ਸਿੰਘ ਪੰਡੋਰੀ, ਭਾਈ ਗੰਗਾ ਸਿੰਘ, ਭਾਈ ਉਦੇ ਸਿੰਘ ਰਾਮਗੜੂ ਝੁੰਗੀਆਂ ਅਤੇ ਭਾਈ ਬਿਸ਼ਨ ਸਿੰਘ ਮਾਂਗਟਾਂ ਨੇ ਵੀ ਸ਼ਹੀਦੀਆਂ ਪਾਈਆਂ। ਸੱਤਵੇਂ ਪਾਤਸ਼ਾਹ ਗੁਰੂ ਹਰਰਾਏ ਸਾਹਿਬ ਜੀ ਦਾ ਅਸਥਾਨ ਗੁਰਦੁਆਰਾ ਚੌਂਤਾਂ ਸਾਹਿਬ, ਇਹਨਾਂ ਬਬਰ ਅਕਾਲੀ ਯੋਧਿਆਂ ਦਾ ਸ਼ਹੀਦੀ ਅਸਥਾਨ ਹੈ। ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਅਤੇ ਉਨ੍ਹਾਂ ਦੇ ਸਾਥੀ ਯੋਧਿਆਂ ਦੀਆਂ ਸ਼ਹੀਦੀਆਂ ਸਦਕਾ ਹੀ ਦੇਸ਼ ਦੀਆਂ ਅੰਗਰੇਜ਼ਾਂ ਤੋਂ ਗ਼ੁਲਾਮੀ ਦੀਆਂ ਜ਼ੰਜੀਰਾਂ ਟੁੱਟੀਆਂ। ਪਰ ਅੱਜ ਦੁਖਦਾਈ ਗੱਲ ਇਹ ਹੈ ਕਿ ਨਵ-ਬਸਤੀਵਾਦ ਅਤੇ ਫਾਸ਼ੀਵਾਦ ਦੀਆਂ ਲੋਕ ਵਿਰੋਧੀ ਤਾਕਤਾਂ ਭਾਰਤ ਵਿੱਚ ਸੱਤਾ ‘ਤੇ ਕਾਬਜ਼ ਹਨ। ਅਜੋਕੀ ਫਾਸ਼ੀਵਾਦੀ ਸਟੇਟ ਖਿਲਾਫ਼ ਘੱਟ ਗਿਣਤੀਆਂ ਹੱਕਾਂ ਲਈ ਜੂਝ ਰਹੀਆਂ ਹਨ। ਗ਼ਦਰੀ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਤੇ ਉਨ੍ਹਾਂ ਵਰਗੇ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਮਿਲੀ ਸੱਤਾਂ ‘ਤੇ ਕਾਬਜ਼ ਫਾਸ਼ੀਵਾਦੀਆਂ ਨੂੰ ਤੱਕ ਕੇ ਮੂੰਹੋਂ ਇਹੀ ਨਿਕਲਦਾ ਹੈ; ‘ਸ਼ੇਰਾਂ ਦੀਆਂ ਮਾਰਾਂ ‘ਤੇ ਗਿੱਦੜ ਦੀਆਂ ਕਲੋਲਾਂ’। ਘੱਟ ਗਿਣਤੀਆਂ ਦੀ ਦੁਸ਼ਮਣ ਅੱਜ ਦੀ ਫਾਸ਼ੀਵਾਦੀ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਹੀ ਮਹਾਨ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਨੂੰ ਸੱਚੀ ਸ਼ਰਧਾਂਜਲੀ ਹੈ।
ਡਾ. ਗੁਰਵਿੰਦਰ ਸਿੰਘ ਨੇ ਜਿੱਥੇ ਕੈਨੇਡਾ ਵਸਦੀਆਂ ਦੌਲਤਪੁਰ ਨਗਰ ਦੀਆਂ ਸੰਗਤਾਂ ਦਾ ਸ਼ਹੀਦੀ ਸਮਾਗਮ ਲਈ ਧੰਨਵਾਦ ਕੀਤਾ ਉੱਥੇ ਇਹ ਵੀ ਕਿਹਾ ਕਿ ਸ਼ਹੀਦ ਭਾਈ ਕਰਮ ਸਿੰਘ ਬਬਰ ਨੇ ਆਪਣੀ ਜਾਨ ਦੇ ਕੇ ਸਾਨੂੰ ਸਰਦਾਰੀਆਂ ਬਖ਼ਸ਼ੀਆਂ ਹਨ, ਪਰ ਅਸੀਂ ਇਸ ਮਹਾਨ ਯੋਧੇ ਨੂੰ ਵਿਸਾਰ ਚੁੱਕੇ ਹਾਂ। ਸਕੂਲਾਂ ਦੀਆਂ ਪਾਠ ਪੁਸਤਕਾਂ ਵਿੱਚ ਇਨ੍ਹਾਂ ਬੱਬਰ ਅਕਾਲੀਆਂ ਅਤੇ ਗਦਰੀ ਯੋਧਿਆਂ ਦਾ ਇਤਿਹਾਸ ਪੜ੍ਹਾਇਆ ਨਹੀਂ ਜਾਂਦਾ। ਬਿਨਾਂ ਸ਼ੱਕ ਇਹ ਗੱਲ ਜ਼ਰੂਰ ਮਾਣ ਵਾਲੀ ਹੈ ਕਿ ਪਿੰਡ ਦੌਲਤਪੁਰ, ਵਿੱਚ ਬਬਰ ਸ਼ਹੀਦਾਂ ਦੀ ਯਾਦ ‘ਚ ਉਸਾਰੇ ਗਏ ਸਮਾਰਕ ਸਭ ਲਈ ਪ੍ਰੇਰਨਾ ਸਰੋਤ ਹਨ। ਇੱਥੇ 57 ਬੱਬਰ ਸ਼ਹੀਦਾਂ ਦੀ ਵਿਰਾਸਤ ਵਜੋਂ ਇਨ੍ਹਾਂ ਦੇ ਹਥਿਆਰਾਂ ਅਤੇ ਸਾਹਿਤ ਨੂੰ ਸੰਭਾਲ ਕੇ ਰੱਖਿਆ ਹੈ, ਜੋ ਕਿ ਸੰਘਰਸ਼ ਦੇ ਰਾਹ ‘ਤੇ ਚੱਲਣ ਅਤੇ ਜ਼ੁਲਮ ਖ਼ਿਲਾਫ਼ ਡਟਣ ਵਾਲਿਆਂ ਲਈ ਚਾਨਣ ਮੁਨਾਰੇ ਹਨ।

 

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …