7.1 C
Toronto
Wednesday, November 12, 2025
spot_img
Homeਪੰਜਾਬਬਾਬੇ ਨਾਨਕ ਦਾ ਵਿਆਹ ਪੁਰਬ : ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ...

ਬਾਬੇ ਨਾਨਕ ਦਾ ਵਿਆਹ ਪੁਰਬ : ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਐੱਸਜੀਪੀਸੀ ਪ੍ਰਧਾਨ ਸਣੇ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ; ਵੱਖ-ਵੱਖ ਥਾਈਂ ਨਗਰ ਕੀਰਤਨ ਦਾ ਭਰਵਾਂ ਸਵਾਗਤ
ਬਟਾਲਾ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 537ਵੇਂ ਵਿਆਹ ਪੁਰਬ ‘ਤੇ ਮੰਗਲਵਾਰ ਨੂੰ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ।
ਮਾਤਾ ਸੁਲੱਖਣੀ ਜੀ ਦੇ ਪੇਕੇ ਘਰ ਗੁਰਦੁਆਰਾ ਡੇਹਰਾ ਸਾਹਿਬ ਤੋਂ ਸਜਾਏ ਨਗਰ ਕੀਰਤਨ ਵਿੱਚ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਣੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ। ਇਸ ਤੋਂ ਪਹਿਲਾ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਕਿਹਾ, ‘ਅਜਿਹੇ ਦਿਹਾੜੇ ਮਨਾਉਣ ਦਾ ਲਾਭ ਤਾਂ ਹੀ ਹੈ ਜੇ ਅਸੀਂ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ‘ਤੇ ਅਮਲੀ ਰੂਪ ਵਿੱਚ ਪਹਿਰਾ ਦੇਈਏ।’ ਉਨ੍ਹਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਰਵਾਨਾ ਹੋਇਆ ਇਹ ਨਗਰ ਕੀਰਤਨ ਬਟਾਲਾ ਦੇ ਵੱਖ ਵੱਖ ਬਾਜ਼ਾਰਾਂ, ਮੁਹੱਲਿਆਂ ‘ਚੋਂ ਗੁਜ਼ਰਿਆ। ਇਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਉਧਰ, ਗੁਰਦੁਆਰਾ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਸਤਕਰਤਾਰੀਆ ‘ਚ ਰਖਾਏ ਗਏ ਪਾਠਾਂ ਦੇ ਭੋਗ ਪਾਏ ਗਏ।
ਇਸ ਮੌਕੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਭਾਈ ਅਮੋਲਕ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਐੱਸਜੀਪੀਸੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਗੁਰਨਾਮ ਸਿੰਘ ਜੱਸਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬੀਬੀ ਜਸਬੀਰ ਕੌਰ ਜ਼ਫਰਵਾਲ, ਬੀਬੀ ਜੋਗਿੰਦਰ ਕੌਰ (ਸ਼੍ਰੋਮਣੀ ਕਮੇਟੀ ਮੈਂਬਰ), ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ‘ਆਪ’ ਦੇ ਸੂਬਾਈ ਜਨਰਲ ਸਕੱਤਰ ਅਤੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਹਾਜ਼ਰ ਸਨ।

 

RELATED ARTICLES
POPULAR POSTS