ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਸੁਨੀਤਾ ਕੇਜਰੀਵਾਲ, ਆਤਿਸ਼ੀ ਅਤੇ ਗੋਪਾਲ ਰਾਏ ਦੇ ਨਾਵਾਂ ਦੀ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਉਹ ਭਲਕੇ ਮੰਗਲਵਾਰ ਨੂੰ ਸੀਐਮ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਕੇਜਰੀਵਾਲ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਸੀਐਮ ਦੀ ਕੁਰਸੀ ’ਤੇ ਨਹੀਂ ਬੈਠਣਗੇ, ਜਦੋਂ ਤੱਕ ਜਨਤਾ ਉਨ੍ਹਾਂ ਨੂੰ ਇਮਾਨਦਾਰੀ ਦਾ ਸਰਟੀਫਿਕੇਟ ਨਹੀਂ ਦੇ ਦਿੰਦੀ। ਮੀਡੀਆ ਹਲਕਿਆਂ ਵਿਚ ਬੜੀ ਤੇਜ਼ੀ ਨਾਲ ਚਰਚਾ ਛਿੜ ਗਈ ਹੈ ਹੁਣ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਮੰਤਰੀ ਆਤਿਸ਼ੀ ਜਾਂ ਗੋਪਾਲ ਰਾਏ ਨੂੰ ਮਿਲ ਸਕਦਾ ਹੈ। ਇਸਦੇ ਚੱਲਦਿਆਂ ਅੱਜ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਪ੍ਰੈਸ ਕਾਨਫਰੰਸ ਵੀ ਕੀਤੀ ਹੈ ਅਤੇ ਕਿਹਾ ਕਿ ਅਜੇ ਤੱਕ ਸੀਐਮ ਦੇ ਨਾਮ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ ਹੈ। ਇਸ ਸਬੰਧੀ ਫੈਸਲਾ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਵਿਚ ਵਿਧਾਇਕ ਦਲ ਹੀ ਲਵੇਗਾ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਵਿਚ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਲੰਘੀ 13 ਸਤੰਬਰ ਨੂੰ ਹੀ ਜਮਾਨਤ ’ਤੇ ਜੇਲ੍ਹ ਵਿਚੋਂ ਬਾਹਰ ਆਏ ਹਨ।