ਭਗਵੰਤ ਮਾਨ ਸਰਕਾਰ ਖਿਲਾਫ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਪਾਰਟੀ ਵਲੋਂ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੌਰਾਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅੰਮਿ੍ਰਤਸਰ ਦੇ ਜੰਡਿਆਲਾ ਗੁਰੂ ਵਿਚ ਹੋਏ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾਅਵੇ ਕਰਦੀ ਹੈ ਕਿ ਸੂਬੇ ਵਿਚ ਨਸ਼ਾ ਖਤਮ ਕੀਤਾ ਜਾ ਰਿਹਾ ਹੈ, ਪਰ ਪੰਜਾਬ ਵਿਚ ਨਸ਼ਾ ਖਤਮ ਨਹੀਂ ਹੋ ਰਿਹਾ ਹੈ। ਇਸੇ ਤਰ੍ਹਾਂ ਮੁਹਾਲੀ ਵਿਚ ਵੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਕਾਂਗਰਸੀਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਰੋਸ ਪ੍ਰਦਰਸ਼ਨ ਵਿਚ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਪਹੁੰਚੇ। ਇਸ ਮੌਕੇ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਵੀ ਮੁੱਖ ਮੰਤਰੀ ਦਾ ਅਹੁਦਾ ਕਿਸੇ ਮਹਿਲਾ ਨੂੰ ਦਿੱਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਸਮੁੱਚੇ ਪੰਜਾਬ ਵਿਚ ਕਾਂਗਰਸ ਵਲੋਂ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ।