ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ’ਚ ਪੇਸ਼ ਕੀਤਾ ਜਾਵੇਗਾ ਬਿਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਕੈਬਨਿਟ ਨੇ ਦੇਸ਼ ’ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਕਰਵਾਉਣ ਭਾਵ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਿੱਲ ਸਰਦ ਰੁੱਤ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪਹਿਲੇ ਗੇੜ ਤਹਿਤ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਹੋਣਗੀਆਂ ਜਦਕਿ ਇਸ ਤੋਂ ਬਾਅਦ 100 ਦਿਨਾਂ ਦੇ ਅੰਦਰ-ਅੰਦਰ ਦੂਜੇ ਗੇੜ ਤਹਿਤ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਇਕੱਠੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਦੇ ਇਸੇ ਕਾਰਜਕਾਲ ਦੌਰਾਨ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿਲ ਨੂੰ ਲਾਗੂ ਕੀਤਾ ਜਾਵੇਗਾ। ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਕਿਹਾ ਸੀ ਕਿ ਵਾਰ-ਵਾਰ ਹੋਣ ਵਾਲੀਆਂ ਚੋਣਾਂ ਦੇਸ਼ ਦੀ ਤਰੱਕੀ ’ਚ ਰੁਕਾਵਟ ਪੈਦਾ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ‘ਵਨ ਨੇਸ਼ਨ ਵਨ ਇਲੈਕਸ਼ਨ’ ਸਬੰਧੀ ਵਿਚਾਰ ਕਰਨ ਲਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ’ਚ ਇਕ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਨੇ ਲੰਘੀ 14 ਮਾਰਚ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …