Breaking News
Home / ਪੰਜਾਬ / ਡੇਰੇ ਦਾ ਸਮਰਥਨ ਅਕਾਲੀ ਦਲ ਨੂੰ ਪੈ ਸਕਦਾ ਹੈ ਪੁੱਠਾ

ਡੇਰੇ ਦਾ ਸਮਰਥਨ ਅਕਾਲੀ ਦਲ ਨੂੰ ਪੈ ਸਕਦਾ ਹੈ ਪੁੱਠਾ

logo-2-1-300x105-3-300x105ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਦੀ ਅਪੀਲ; ਸਰਨਾ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸਿਰਸਾ ਦਾ ਸਮਰਥਨ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਲਈ ਇਹ ਪਾਸਾ ਉਲਟਾ ਵੀ ਪੈ ਸਕਦਾ ਹੈ। ਇਸ ਸਮਰਥਨ ਤੋਂ ਬਾਅਦ ਡੇਰਾ ਵਿਰੋਧੀ ਸਿੱਖ ਵੋਟ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਦਾ ਖ਼ਦਸ਼ਾ ਵੱਧ ਗਿਆ ਹੈ। ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ ਜਦੋਂ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮੁੱਦੇ ‘ਤੇ ਚੁੱਪ ਧਾਰੀ ਹੋਈ ਹੈ। ਜ਼ਿਕਰਯੋਗ ਹੈ ਕਿ 17 ਮਈ 2007 ਨੂੰ ਪੰਜ ਸਿੰਘ ਸਾਹਿਬਾਨ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਇਕਬਾਲ ਸਿੰਘ, ਗਿਆਨੀ ਤਰਲੋਚਨ ਸਿੰਘ, ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਡੇਰਾ ਸਿਰਸਾ ਅਤੇ ਇਸ ਦੇ ਮੁਖੀ ਖ਼ਿਲਾਫ਼ ਹੁਕਮਨਾਮਾ ਜਾਰੀ ਕਰ ਕੇ ਸਿੱਖਾਂ ਨੂੰ ਉਸ ਨਾਲ ਕੋਈ ਸਬੰਧ ਨਾ ਰੱਖਣ ਲਈ ਕਿਹਾ ਸੀ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਡੇਰੇ ਦੀ ਹਮਾਇਤ ਦਾ ਵਿਰੋਧ ਨਹੀਂ ਕੀਤਾ ਹੈ, ਜੋ ਸਿੱਧੇ ਤੌਰ ‘ਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਆਖਿਆ ਕਿ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ ਹੇਠ ਉਨ੍ਹਾਂ ਨੂੰ ਪੰਥ ਵਿੱਚੋਂ ਛੇਕਣ ਦੇ ਆਦੇਸ਼ ਜਾਰੀ ਕੀਤੇ ਜਾਣ। ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਡੇਰਾ ਸਿਰਸਾ ਦੀ ਸਾਂਝ ਭਿਆਲੀ ਜੱਗ ਜ਼ਾਹਰ ਹੋ ਗਈ ਹੈ।
ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਬਣਾਈ ਗਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ, ਕੋਸਟ (ਯੂਐਸਏ) ਨੇ ਹੰਗਾਮੀ ਮੀਟਿੰਗ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਡੇਰਾ ਦਲ ਦਾ ਨਾਂ ਦਿੱਤਾ ਹੈ। ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਦੋਸ਼ ਲਾਇਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਪ੍ਰੰਪਰਾਵਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੁਦ ਹੀ ਕਰਾਈਆਂ ਗਈਆਂ ਹਨ। ਦਲ ਖਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ, ਬੁਲਾਰੇ ਕੰਵਰਪਾਲ ਸਿੰਘ ਅਤੇ ਹੋਰਨਾਂ ਨੇ ਆਖਿਆ ਕਿ ਪੰਥ ਵਿਰੋਧੀਆਂ ਦਾ ਸਮਰਥਨ ਲੈਣ ਅਤੇ ਧਰਮ ਦੇ ਮਾਰਗ ਤੋਂ ਭਟਕਣ ਵਾਲਿਆਂ ਨੂੰ ਸਿੱਖ ਕੌਮ ਸਬਕ ਜ਼ਰੂਰ ਸਿਖਾਵੇਗੀ। ਉਨ੍ਹਾਂ ਆਖਿਆ ਕਿ ਬੀਤੇ ਵਰ੍ਹੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣਾ ਵੀ ਇਸੇ ਕੜੀ ਦਾ ਹਿੱਸਾ ਸੀ।
ਅਕਾਲ ਪੁਰਖ ਕੀ ਫੌਜ, ਸ਼ਹੀਦ ਭਾਈ ਮਨੀ ਸਿੰਘ ਟਕਸਾਲ, ਪੰਥਕ ਤਾਲਮੇਲ ਸੰਗਠਨ, ਅਕਾਲ ਗਤਕਾ ਅਖਾੜਾ, ਗੁਰੂ ਮਾਨਿਉ ਗ੍ਰੰਥ ਸੇਵਕ ਜਥਾ, ਸ੍ਰੀ ਗੁਰੂ ਰਾਮਦਾਸ ਸੇਵਕ ਸਭਾ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਂਤਾ ਆਦਿ ਦੇ ਆਗੂਆਂ ਵੱਲੋਂ ਕੀਤੇ ਗਏ ਸਾਂਝੇ ਪੱਤਰਕਾਰ ਸੰਮੇਲਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਸਿੱਖਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੂਰਨ ਬਾਈਕਾਟ ਦਾ ਸੱਦਾ ਦਿੱਤਾ। ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰਿਆਂ ਨੇ ਮੀਟਿੰਗ ਕਰ ਕੇ ਆਖਿਆ ਕਿ ਡੇਰਾ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸਿਆਸੀ ਲੈਣ-ਦੇਣ 2015 ਵਿੱਚ ਹੀ ਹੋ ਗਿਆ ਸੀ। ਉਨ੍ਹਾਂ ਅਕਾਲ ਤਖ਼ਤ ਦੀ ਸਰਵਉੱਚਤਾ ਦੇ ਸਿਧਾਂਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਮੀਰ ਦੀ ਆਵਾਜ਼ ‘ਤੇ ਵਧੀਆ ਕਿਰਦਾਰ ਅਤੇ ਪੰਥਕ ਸੋਚ ਵਾਲੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਕਿਹਾ।

Check Also

ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦਾ 534ਵਾਂ ਵਿਆਹ ਪੁਰਬ ਸੰਗਤ …