ਮਈ ਮਹੀਨੇ ‘ਚ ਆਰੰਭ ਹੋਈ ਸੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨਾ ਚਾਹੁੰਦਾ ਹੈ ਤਾਂ ਉਹ 10 ਅਕਤੂਬਰ ਤੋਂ ਪਹਿਲਾਂ ਕਰ ਸਕਦਾ ਹੈ। ਇਹ ਯਾਤਰਾ 10 ਅਕਤੂਬਰ ਨੂੰ ਸੰਪਨ ਹੋ ਰਹੀ ਹੈ ਅਤੇ ਇਸ ਮਗਰੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਬੰਦ ਕਰ ਦਿੱਤੇ ਜਾਣਗੇ। ਧਿਆਨ ਰਹੇ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮਈ ਮਹੀਨੇ ਵਿੱਚ ਆਰੰਭ ਹੋਈ ਸੀ ਅਤੇ ਹੁਣ ਤੱਕ ਚਾਰ ਮਹੀਨੇ ਵਿੱਚ ਕਰੀਬ ਦੋ ਲੱਖ ਸ਼ਰਧਾਲੂ ਇੱਥੇ ਨਤਮਸਤਕ ਹੋ ਚੁੱਕੇ ਹਨ। ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵੇਲੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਲਈ ਉਚਿਤ ਸਮਾਂ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸਮਾਪਤੀ ਲਈ 8 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 10 ਅਕਤੂਬਰ ਨੂੰ ਭੋਗ ਉਪਰੰਤ ਯਾਤਰਾ ਸੰਪੰਨ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 2023 ਵਿੱਚ ਵੀ ਸਵਾ ਦੋ ਲੱਖ ਦੇ ਕਰੀਬ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਏ ਸਨ।