ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਦਿੱਲੀ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਇਕ ਜਨਹਿੱਤ ਪਟੀਸ਼ਨ ਦਾਖਲ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਰਵਨੀਤ ਬਿੱਟੂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ। ਹਿੰਦੂ ਸੈਨਾ ਦੇ ਇਕ ਵਿਅਕਤੀ ਵਲੋਂ ਦਾਇਰ ਇਸ ਪਟੀਸ਼ਨ ‘ਚ ਆਰੋਪ ਲਗਾਇਆ ਗਿਆ ਹੈ ਕਿ ਰਵਨੀਤ ਬਿੱਟੂ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਖਿਲਾਫ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ ਸੀ। ਜਨਹਿੱਤ ਪਟੀਸ਼ਨ ਵਿਚ ਰਵਨੀਤ ਬਿੱਟੂ ਦੇ ਖਿਲਾਫ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਗਿਆ ਹੈ ਕਿ ਰਵਨੀਤ ਬਿੱਟੂ ਦੀਆਂ ਟਿੱਪਣੀਆਂ ਨਾਲ ਮਾਹੌਲ ਖਰਾਬ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਨੰਬਰ ਇਕ ਅਤਿਵਾਦੀ ਕਹਿ ਦਿੱਤਾ ਗਿਆ ਸੀ।