ਖਰੜੇ ਲਈ ਇਕ ਲੱਖ ਤੋਂ ਵੱਧ ਲੋਕਾਂ ਦੇ ਲਏ ਸੁਝਾਅ, ਹੁਣ ਕਿਸਾਨ ਜਥੇਬੰਦੀਆਂ ਤੋਂ ਮੰਗੀ ਜਾਵੇਗੀ ਸਲਾਹ
ਧਰਤੀ ਹੇਠਲਾ ਪਾਣੀ ਬਚਾਉਣ ਤੇ ਜੈਵਿਕ ਖੇਤੀ ਨੂੰ ਪ੍ਰਫੁੱਲਤ ਕਰਨ ਦੀਆਂ ਸਿਫਾਰਸ਼ਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਹੈ। ਇਸ ਖਰੜੇ ਨੂੰ ਸੂਬਾ ਸਰਕਾਰ ਨੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ (ਸਿਆਸੀ ਅਤੇ ਗੈਰ-ਸਿਆਸੀ) ਕੋਲ ਸੁਝਾਅ ਲਈ ਭੇਜਿਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਸੁਝਾਅ ਆਉਣ ਮਗਰੋਂ ਹੀ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਇਹ ਨੀਤੀ ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ 11 ਮੈਂਬਰੀ ਕਮੇਟੀ ਵੱਲੋਂ ਤਿਆਰ ਕੀਤੀ ਗਈ ਹੈ। ਇਸ ਨੀਤੀ ਨੂੰ ਪੰਜਾਬ ਦੇ ਇਕ ਲੱਖ ਤੋਂ ਵੱਧ ਲੋਕਾਂ ਦੇ ਸੁਝਾਵਾਂ ਨਾਲ ਤਿਆਰ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ-ਨਾਲ ਵਾਤਾਵਰਣ ਦਾ ਧਿਆਨ ਰੱਖਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਇਸ ਖੇਤੀ ਨੀਤੀ ਵਿੱਚ ਧਰਤੀ ਹੇਠਲਾਂ ਪਾਣੀ ਬਚਾਉਣ ਤੇ ਜੈਵਿਕ ਖੇਤੀ ਨੂੰ ਪ੍ਰਫੁੱਲਤ ਕਰਨ ਦੀਆਂ ਸਿਫਾਰਸ਼ਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ‘ਬੀਜ ਹੱਬ’ ਵਜੋਂ ਵਿਕਸਿਤ ਕਰਨ ਲਈ ਵੀ ਵਿਉਂਤਬੰਦੀ ਕਰਨ ਦੀ ਗੱਲ ਕੀਤੀ ਗਈ ਹੈ। ਬੀਜ ਉਤਪਾਦਨ ਵਿੱਚ ਆਲੂ ਦੀ ਖੇਤੀ ਲਈ ਦੋਆਬਾ ਖੇਤਰ, ਕਣਕ ਤੇ ਝੋਨੇ ਲਈ ਲੁਧਿਆਣਾ, ਸੰਗਰੂਰ, ਬਰਨਾਲਾ, ਮੋਗਾ ਇਲਾਕੇ ਨੂੰ ਪ੍ਰਫੁੱਲਤ ਕਰਨ ਦੀ ਪੇਸ਼ਕਸ਼ ਕੀਤੀ ਹੈ। ਇਸੇ ਤਰ੍ਹਾਂ ਬਾਸਮਤੀ ਦੀ ਫ਼ਸਲ ਲਈ ਗੁਰਦਾਸਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ਅਤੇ ਪਿਆਜ਼ ਲਈ ਬਠਿੰਡਾ ਤੇ ਮਾਨਸਾ ਨੂੰ ਵਿਕਸਿਤ ਕਰਨ ‘ਤੇ ਜ਼ੋਰ ਦਿੱਤਾ ਹੈ।
ਨਵੀਂ ਖੇਤੀ ਨੀਤੀ ਦੇ ਖਰੜੇ ਵਿੱਚ ਧਰਤੀ ਹੇਠਲਾ ਪਾਣੀ ਬਚਾਉਣ ਲਈ ਸੂਬੇ ਵਿੱਚ ‘ਪਾਣੀ ਬਚਾਓ ਪੈਸਾ ਕਮਾਓ’ ਸਕੀਮ ਸ਼ੁਰੂ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ। ਇਸ ਸਕੀਮ ਅਧੀਨ ਪਾਣੀ ਬਚਾਉਣ ਵਾਲੇ ਕਿਸਾਨਾਂ ਨੂੰ ਨਕਦ ਇਨਾਮ ਦਿੱਤਾ ਜਾਵੇਗਾ। ਸੂਬੇ ਵਿੱਚ ਐੱਮਐੱਸਪੀ ‘ਤੇ ਖਰੀਦੀਆਂ ਜਾਣ ਵਾਲੀਆਂ ਫਸਲਾਂ ਦੀ ਸਹੀ ਢੰਗ ਨਾਲ ਜਨਤਕ ਵੰਡ ਲਈ ਕੇਂਦਰ ਸਰਕਾਰ ਨਾਲ ਸੰਪਰਕ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਪੈਨਸ਼ਨ ਦੇਣ ਦੀ ਪੇਸ਼ਕਸ਼ ਵੀ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਇਸ ਖਰੜੇ ਨੂੰ ਕਿਸਾਨ ਜਥੇਬੰਦੀਆਂ ਤੇ ਹੋਰਨਾਂ ਦੇ ਸੁਝਾਅ ਲਈ ਭੇਜਿਆ ਗਿਆ ਹੈ, ਜਿਸ ਨੂੰ ਬਾਅਦ ਵਿੱਚ ਅਮਲੀ ਰੂਪ ਦਿੱਤਾ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …