ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੇਂਦਰ ਕਰੇਗਾ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ-ਐਨ.ਸੀ.ਆਰ. ਵਿਚ ਆਉਣ ਵਾਲੇ ਦਿਨਾਂ ਦੌਰਾਨ ਵਧਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਹਿਤ ਕੇਂਦਰ ਵਲੋਂ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਲਈ ਸਖਤ ਹੁਕਮ ਜਾਰੀ ਕਰਕੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਕਾਰਜਯੋਜਨਾ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਦਫਤਰ ਵਿਚ ਪ੍ਰਧਾਨ ਮੰਤਰੀ ਦੇ ਪਿ੍ਰੰਸੀਪਲ ਸੈਕਟਰੀ ਡਾ. ਪੀ ਕੇ ਮਿਸ਼ਰਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਵੀ ਹੋਈ ਹੈ। ਇਸ ਮੀਟਿੰਗ ਦੌਰਾਨ ਮਿਸ਼ਰਾ ਵਲੋਂ ਪੰਜਾਬ, ਹਰਿਆਣਾ ਤੇ ਉਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਨਿਰਦੇਸ਼ ਦਿੱਤਾ ਗਿਆ ਕਿ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਐਕਸ਼ਨ ਪਲਾਨ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ਤੇ ਉਸਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਇਸਦੇ ਚੱਲਦਿਆਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਤੇ ਪੈਨਲਟੀ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।