![](https://parvasinewspaper.com/wp-content/uploads/2024/09/Congress-2.jpg)
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ’ਚ ਵੋਟਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਇਕ-ਦੂਜੇ ’ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹਨ। ਪੰਜਾਬ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜ ਰਹੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤੇ ਗਏ ਬਾਜਵਾ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਕੁਝ ਆਗੂਆਂ ਵੱਲੋਂ ਮੁੱਖ ਮੰਤਰੀ ਬਣਨ ਦੀ ਇੱਛਾ ਜ਼ਾਹਰ ਕਰਨ ਨਾਲ ਸੱਤਾਧਾਰੀ ਪਾਰਟੀ ਵਿੱਚ ਫੁੱਟ ਪੈ ਗਈ ਹੈ। ਬਾਜਵਾ ਨੇ ਹਰਿਆਣਾ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਦੇ ਕੁਸ਼ਾਸ਼ਨ ਖਿਲਾਫ ਵੋਟ ਪਾਉਣ। ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੈ ਅਤੇ ਅਸੀਂ ਸਾਰੇ ਭਾਜਪਾ ਨੂੰ ਉਖਾੜਨ ਲਈ ਇਕਮੁੱਠ ਹੋ ਕੇ ਸਿਆਸੀ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਵੱਡੀ ਜਿੱਤ ਦਰਜ ਕਰੇਗੀ ਕਿਉਂਕਿ ਲੋਕ ਭਾਜਪਾ ਦੇ 10 ਸਾਲਾਂ ਦੇ ਕੁਸ਼ਾਸਨ ਵਿਰੁੱਧ ਵੋਟ ਪਾਉਣਗੇ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਆਉਂਦੀ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣੇ ਹਨ।