
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜੋ ਵੀ ਸਜ਼ਾ ਲਗਾਉਣਗੇ, ਉਸ ਨੂੰ ਮੰਨਾਂਗੇ : ਰੱਖੜਾ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸੁਰਜੀਤ ਸਿੰਘ ਰੱਖੜਾ ਨੇ ਵੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ ਹੈ। ਸੁਰਜੀਤ ਸਿੰਘ ਰੱਖੜਾ ਅੱਜ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਅਤੇ ਉਹ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਵੀ ਗਏ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬਾਨ ਵਲੋਂ ਪਿਛਲੇ ਦਿਨੀਂ ਹੋਰਨਾਂ ਸਾਬਕਾ ਅਕਾਲੀ ਮੰਤਰੀਆਂ ਸਮੇਤ ਸੁਰਜੀਤ ਸਿੰਘ ਰੱਖੜਾ ਤੋਂ ਵੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਸੀ, ਜਿਸ ’ਤੇ ਉਨ੍ਹਾਂ ਨੇ ਵਿਦੇਸ਼ ਵਿਚ ਹੋਣ ਕਾਰਨ ਆਪਣਾ ਸਪੱਸ਼ਟੀਕਰਨ ਈ-ਮੇਲ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਭੇਜ ਦਿੱਤਾ ਸੀ। ਹੁਣ ਉਹ ਭਾਰਤ ਵਾਪਸੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜੇ। ਇਸ ਮੌਕੇ ਗੱਲਬਾਤ ਕਰਦਿਆਂ ਰੱਖੜਾ ਨੇ ਕਿਹਾ ਕਿ ਸਾਡੀ ਸਰਕਾਰ ਦੇ ਸਮੇਂ ਜੋ ਵੀ ਜਾਣੇ ਅਣਜਾਣੇ ਵਿਚ ਭੁੱਲਾਂ ਚੁੱਕਾਂ ਹੋਈਆਂ ਹਨ, ਉਨ੍ਹਾਂ ਨੂੰੂ ਮਆਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਨੂੰ ਜੋ ਵੀ ਸਜ਼ਾ ਲਗਾਉਣਗੇ, ਅਸੀਂ ਉਸ ਨੂੰ ਮੰਨਾਂਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਕੋਲੋਂ ਸਪੱਸ਼ਟੀਕਰਨ ਮੰਗਿਆ ਸੀ।