ਸ਼ਿਲਾਂਗ ਸਥਿਤ ਪੰਜਾਬੀ ਕਲੋਨੀ ‘ਚ 200 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦੀ ਕਾਰਵਾਈ ਰੋਕਣ ਲਈ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਲਡ ਫਿਲਿਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿੱਚ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ। ਗੁਰਦੁਆਰਾ ਢਾਹੁਣ ਦੀ ਕਾਰਵਾਈ ਮੇਘਾਲਿਆ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।
ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੱਕ ਪਹੁੰਚ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ ਮੇਘਾਲਿਆ ਸਰਕਾਰ ਦੀ ਉੱਚ ਪੱਧਰੀ ਕਮੇਟੀ ਵੱਲੋਂ ਸ਼ਿਲਾਂਗ ਦੇ ਬੜਾ ਬਜ਼ਾਰ ਦੀ ਪੰਜਾਬੀ ਕਲੋਨੀ ਵਿੱਚ ਸਥਿਤ ਗੁਰਦੁਆਰੇ ਦੇ ਨਾਲ-ਨਾਲ ਹੋਰ ਧਾਰਮਿਕ ਸਥਾਨ ਢਾਹੁਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਨਾਲ ਸਿੱਖ ਭਾਈਚਾਰੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਾਮਲੇ ਵਿੱਚ ਸਿੱਖ ਸੰਸਥਾਵਾਂ ਤੁਰੰਤ ਦਖਲ ਦੇਣ ਅਤੇ ਗੁਰਦੁਆਰੇ ਨੂੰ ਬੜਾ ਬਾਜ਼ਾਰ ਅੰਦਰ ਪੰਜਾਬੀ ਕਲੋਨੀ ਵਾਲੀ ਜਗ੍ਹਾ ‘ਤੇ ਹੀ ਸੁਰੱਖਿਅਤ ਰੱਖੇ ਜਾਣ ਲਈ ਕਾਰਵਾਈ ਕੀਤੀ ਜਾਵੇ। ਇਸ ‘ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਆਧਾਰਤ ਵਫ਼ਦ ਮੇਘਾਲਿਆ ਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼ਿਲਾਂਗ ਪੁੱਜਾ। ਇਸ ਦੌਰਾਨ ਵਫਦ ਨੇ ਜ਼ੋਰਦਾਰ ਤਰੀਕੇ ਨਾਲ ਸਥਾਨਕ ਸਿੱਖਾਂ ਦੀ ਅਵਾਜ਼ ਉਠਾਈ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਸਰਕਾਰ ਤੋਂ ਆਸ ਪ੍ਰਗਟਾਈ ਗਈ ਹੈ ਕਿ ਉਹ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਚੱਲ ਰਹੀ ਕਾਰਵਾਈ ਤੁਰੰਤ ਰੋਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਕਿ ਸੂਬੇ ਅੰਦਰ ਵੱਸਦੇ ਹਰ ਧਰਮ ਅਤੇ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਖਵਾਲੀ ਕਰੇ।