ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਮੁੜ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ 2007 ਨਾਲ ਜੁੜੇ ਹੋਏ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਮ ਰਹੀਮ ਖਿਲਾਫ਼ ਹਾਈ ਕੋਰਟ ਵਿਚ ਰਿਵੀਜ਼ਨ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਸੈਸ਼ਨ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਇਸ ਮਾਮਲੇ ‘ਤੇ ਹਾਈ ਕੋਰਟ ਵੱਲੋਂ ਆਉਂਦੀ 7 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਾਲ 2007 ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਿਆ ਸੀ। ਉਸ ਤੋਂ ਬਅਦ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚਿਆ ਸੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਤੋਂ ਡੇਰਾ ਮੁਖੀ ਅਤੇ ਉਸਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੁਕਮ ਸੁਣਾਇਆ ਗਿਆ ਸੀ। ਉਸ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਡੇਰਾ ਮੁਖੀ ਖਿਲਾਫ਼ ਬਠਿੰਡਾ ਅਦਾਲਤ ‘ਚ ਪਟੀਸ਼ਨ ਦਾਖਲ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।