ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਬੀ ਜਗੀਰ ਕੌਰ ਖਿਲਾਫ ਪਹੁੰਚੀਆਂ ਸਨ ਸ਼ਿਕਾਇਤਾਂ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਅੱਜ ਬੁੱਧਵਾਰ ਨੂੰ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਇਸ ਤਿੰਨ ਸਫ਼ਿਆਂ ਦੇ ਸਪੱਸ਼ਟੀਕਰਨ ਪੱਤਰ ਵਿਚ ਉਨ੍ਹਾਂ ਕਿਹਾ ਕਿ ਮੈਂ ਪੰਥਕ ਪਰਿਵਾਰ ਨਾਲ ਸੰਬੰਧ ਰੱਖਦੀ ਹਾਂ, ਜਿਸ ਦੇ ਵੱਡੇ ਵਡੇਰਿਆਂ ਨੇ ਸਿੱਖੀ ਦੇ ਪ੍ਰਚਾਰ, ਪ੍ਰਸਾਰ ਅਤੇ ਪੰਥਕ ਜੱਦੋ ਜਹਿਦ ਵਿਚ ਜ਼ਿਕਰਯੋਗ ਹਿੱਸਾ ਪਾਇਆ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਵਿਰੋਧੀ ਕਿਸੇ ਵੀ ਤਰ੍ਹਾਂ ਦਾ ਕੰਮ ਕਰਨ ਬਾਰੇ ਮੈਂ ਸੋਚ ਵੀ ਨਹੀਂ ਸਕਦੀ। ਜ਼ਿਕਰਯੋਗ ਹੈ ਕਿ ਲੰਘੀ 26 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਦੇ ਸੰਦਰਭ ਵਿਚ ਇਕ ਹਫ਼ਤੇ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।