ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ’ਚ ਸਖਤ ਚੋਣ ਮੁਕਾਬਲਾ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਚ ਪਰਸੋਂ ਯਾਨੀ ਕਿ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਅੱਜ ਵੀਰਵਾਰ ਨੂੰ ਸ਼ਾਮੀਂ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਸੂਬੇ ਵਿਚ ਕੋਈ ਵੀ ਚੋਣ ਰੈਲੀ ਨਹੀਂ ਹੋਵੇਗੀ ਅਤੇ ਉਮੀਦਵਾਰ ਜਾਂ ਉਸਦੇ ਸਮਰਥਕ ਸਿਰਫ ਘਰ-ਘਰ ਜਾ ਕੇ ਹੀ ਵੋਟਾਂ ਮੰਗ ਸਕਣਗੇ। ਹਰਿਆਣਾ ਵਿਚ ਪੈਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਹਰਿਆਣਾ ਵਿਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸਖਤ ਚੋਣ ਮੁਕਾਬਲਾ ਹੈ ਅਤੇ ਆਮ ਆਦਮੀ ਪਾਰਟੀ ਵੀ ਆਪਣੇ ਦਮ ’ਤੇ ਚੋਣਾਂ ਲੜ ਰਹੀ ਹੈ। ਹਰਿਆਣਾ ਦੀਆਂ ਕੁੱਲ 90 ਵਿਧਾਨ ਸਭਾ ਸੀਟਾਂ ਉਤੇ 5 ਅਕਤੂਬਰ ਨੂੰ ਇਕੋ ਪੜਾਅ ਵਿਚ ਹੀ ਵੋਟਾਂ ਪੈਣ ਦਾ ਕੰਮ ਨਿੱਬੜ ਜਾਵੇਗਾ।