ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣ : ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣੇ ਚਾਹੀਦੇ ਹਨ। ਸੁਨੀਲ ਜਾਖੜ ਨੇ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਜਿਸ ਵਿਅਕਤੀ ਨੂੰ ਵੀ ਪੰਜਾਬ ਭਾਜਪਾ ਦਾ ਪ੍ਰਧਾਨ ਲਗਾਇਆ ਜਾਵੇ, ਉਸ ਨੂੰ ਖੁਦਮੁਖਤਿਆਰੀ ਅਤੇ ਪੂਰੇ ਅਧਿਕਾਰ ਦਿੱਤੇ ਜਾਣ। ਜਾਖੜ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਵੀ ਸਵਾਲ ਚੁੱਕੇ ਹਨ। ਧਿਆਨ ਰਹੇ ਕਿ ਜਾਖੜ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਹਾਈਕਮਾਨ ਦੇ ਫੈਸਲਿਆਂ ਦੇ ਖਿਲਾਫ ਚੱਲ ਰਹੇ ਹਨ ਅਤੇ ਜਾਖੜ ਨੇ ਪਾਰਟੀ ਦੀਆਂ ਮੀਟਿੰਗਾਂ ਤੋਂ ਵੀ ਦੂਰੀ ਬਣਾਈ ਹੋਈ ਹੈ। ਇਸ ਤੋਂ ਸਪੱਸ਼ਟ ਹੈ ਕਿ ਜਾਖੜ ਦੀ ਨਰਾਜ਼ਗੀ ਭਾਜਪਾ ਨਾਲ ਹੁਣ ਦਿਨੋਂ ਦਿਨ ਵਧਦੀ ਹੀ ਜਾ ਰਹੀ ਹੈ। ਪਿਛਲੇ ਦਿਨੀਂ ਤਾਂ ਸੁਨੀਲ ਜਾਖੜ ਦੇ ਅਸਤੀਫੇ ਦੀਆਂ ਚਰਚਾਵਾਂ ਵੀ ਚੱਲਦੀਆਂ ਰਹੀਆਂ ਹਨ।