ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ’ਤੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 15 ਅਕਤੂੁਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਲੰਘੇ ਬੁੱਧਵਾਰ ਅਤੇ ਵੀਰਵਾਰ ਨੂੰ ਦੋ ਦਿਨ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਬੀ ਡੀ ਪੀ ਓ ਦਫਤਰ ਖੁੱਲ੍ਹੇ ਰੱਖੇ ਗਏ ਸਨ ਤਾਂ ਜੋ ਉਮੀਦਵਾਰਾਂ ਨੂੰ ਐਨ ਓ ਸੀ ਅਤੇ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਜਾਰੀ ਕੀਤੀਆਂ ਜਾ ਸਕਣ। ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਰੋਪ ਲਗਾ ਰਹੇ ਹਨ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੱਤਾਧਾਰੀ ਪਾਰਟੀ ਦੇ ਹੁਕਮਾਂ ’ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਭਲਕੇ 5 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਣੀ ਹੈ ਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ। ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਪੈਣੀਆਂ ਹਨ ਤੇ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਹੋ ਜਾਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ।