
ਨਵੀਂ ਦਿੱਲੀ/ਬਿਊਰੋ ਨਿਊਜ਼
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪ੍ਰੇਸ਼ਾਨ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ ਵਿਚ ਆਏ ਅਣਕਿਆਸੇ ਚੋਣ ਨਤੀਜਿਆਂ ਦਾ ਵਿਸ਼ਲੇਸ਼ਣ ਕਰ ਰਹੇ ਹਾਂ। ਰਾਹੁਲ ਨੇ ਕਿਹਾ ਕਿ ਹਰਿਆਣਾ ਦੇ ਕਈ ਵਿਧਾਨ ਸਭਾ ਹਲਕਿਆਂ ਸਬੰਧੀ ਸ਼ਿਕਾਇਤ ਆਈਆਂ ਹਨ, ਜਿਨ੍ਹਾਂ ਬਾਰੇ ਅਸੀਂ ਚੋਣ ਕਮਿਸ਼ਨ ਨੂੰ ਸੂਚਿਤ ਕਰਾਂਗੇ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਨਤੀਜਿਆਂ ਤੋਂ ਪਹਿਲਾਂ ਆਏ ਚੋਣ ਸਰਵੇਖਣਾਂ ਵਿਚ ਕਾਂਗਰਸ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਸੀ। ਪਰ ਨਤੀਜੇ ਆਉਣ ’ਤੇ ਭਾਰਤੀ ਜਨਤਾ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਿਆ। ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸਾਰੇ ਸੀਨੀਅਰ ਆਗੂ ਹੈਰਾਨ ਤੇ ਪ੍ਰੇਸ਼ਾਨ ਹਨ। ਰਾਹੁਲ ਨੇ ਜੰਮੂ ਕਸ਼ਮੀਰ ਵਿਚ ‘ਇੰਡੀਆ’ ਗਠਜੋੜ ਦੀ ਹੋਈ ਜਿੱਤ ਨੂੰ ਸੰਵਿਧਾਨਕ ਜਿੱਤ ਦੱਸਿਆ ਹੈ। ਰਾਹੁਲ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਕੀਤੀ ਗਈ ਸਖਤ ਮਿਹਨਤ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।