ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਮਿਲਣੀ ਹੈ 5 ਲੱਖ ਰੁਪਏ ਦੀ ਗਰਾਂਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦੀ ਗਿਣਤੀ ਇਸ ਵਾਰ ਦੁੱਗਣੀ ਹੋ ਗਈ ਹੈ। ਸਾਲ 2018 ਵਿਚ 1863 ਸਰਪੰਚ ਅਤੇ 22,203 ਪੰਚ ਸਰਬਸੰਮਤੀ ਨਾਲ ਚੁਣੇ ਗਏ ਸਨ, ਪਰ ਇਸ ਵਾਰ 3798 ਸਰਪੰਚ ਅਤੇ 48,861 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੋਇਆ ਹੈ ਕਿ ਸਰਬਸੰਮਤੀ ਨਾਲ ਚੁਣੀ ਗਈ ਹਰੇਕ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ ਜਾਵੇਗੀ ਅਤੇ ਨਾਲ ਹੀ ਹੋਰ ਸਹੂਲਤਾਂ ਦੇਣ ਦੀ ਗੱਲ ਵੀ ਕੀਤੀ ਗਈ ਹੈ। ਇਸ ਵਾਰ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ’ਤੇ ਨਹੀਂ ਲੜੀਆਂ ਜਾ ਰਹੀਆਂ, ਕਿਉਂਕਿ ਸਰਕਾਰ ਨੇ ਇਸਦੇ ਲਈ ਨਿਯਮਾਂ ਵਿਚ ਸੋਧ ਕੀਤੀ ਸੀ। ਧਿਆਨ ਰਹੇ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਆਉਂਦੀ 15 ਅਕਤੂਬਰ ਨੂੰ ਹੋਣੀਆਂ ਹਨ ਅਤੇ ਨਤੀਜੇ ਵੀ ਉਸੇ ਦਿਨ ਸ਼ਾਮ ਨੂੰ ਐਲਾਨ ਦਿੱਤੇ ਜਾਣਗੇ।