
ਸੂਬੇ ਨਾਲ ਸਬੰਧਤ ਕਈ ਮੁੱਦਿਆਂ ਨੂੰ ਲੈ ਕੇ ਕੀਤੀ ਗਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪੰਚਾਇਤੀ ਚੋਣਾਂ ਅਤੇ ਉਚ ਸਿੱਖਿਆ ਸਣੇ ਸੂਬੇ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਹ ਮੁਲਾਕਾਤ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਇਕ ਚੰਗੇ ਮਾਹੌਲ ਵਿਚ ਹੋਈ ਹੈ ਅਤੇ ਇਸ ਮੀਟਿੰਗ ਵਿਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਪਾਲ ਵਲੋਂ ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੇ ਮਤੇ ਨੂੰ ਵੀ ਮਨਜੂਰੀ ਦਿੱਤੀ ਗਈ ਸੀ।