ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ, ਆੜਤੀ ਐਸੋਸੀਏਸ਼ਨਾਂ ਅਤੇ ਸ਼ੈਲਰ ਮਾਲਕਾਂ ਦੀ ਅੱਜ ਚੰਡੀਗੜ੍ਹ ਵਿਖੇ ਸਾਂਝੀ ਵਿਸ਼ੇਸ਼ ਇਕੱਤਰਤਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਈ ਹੈ। ਇਕੱਤਰਤਾ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਝੋਨੇ ਸੰਬੰਧੀ ਮੰਡੀਆਂ ਵਿਚ ਆ ਰਹੀਆਂ ਦਿੱਕਤਾਂ ਦੇ ਸੰਬੰਧ ਵਿਚ ਸਾਂਝੇ ਤੌਰ ’ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਂਦੀ 13 ਅਕਤੂਬਰ ਨੂੰ ਸਮੁੱਚੇ ਪੰਜਾਬ ਵਿਚ 12 ਵਜੇ ਦੁਪਹਿਰ ਤੋਂ ਲੈ ਕੇ 3 ਵਜੇ ਤੱਕ ਸੜਕੀ ਆਵਾਜਾਈ ਪੂਰਨ ਤੌਰ ’ਤੇ ਬੰਦ ਕੀਤੀ ਜਾਵੇਗੀ। ਇਸ ਤੋਂ ਬਾਅਦ 14 ਅਕਤੂਬਰ ਨੂੰ ਕਿਸਾਨ ਭਵਨ ਵਿਖੇ ਮੁੜ ਸੰਯੁਕਤ ਕਿਸਾਨ ਜਥੇਬੰਦੀਆਂ ਦੇ ਸਾਰੇ ਆਗੂਆਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀ ਐਸੋਸੀਏਸ਼ਨਾਂ ਦੇ ਨਾਲ-ਨਾਲ ਮਜ਼ਦੂਰਾਂ, ਵਪਾਰਕ ਖੇਤਰਾਂ ਨਾਲ ਸਬੰਧਤ ਆਗੂਆਂ ਦੀ ਇਕੱਤਰਤਾ ਵੀ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ 14 ਅਕਤੂਬਰ ਦੀ ਇਕੱਤਰਤਾ ਦੌਰਾਨ ਕਿਸਾਨੀ ਮੰਗਾਂ ਨੂੰ ਲੈ ਕੇ ਕਈ ਵੱਡੇ ਐਲਾਨ ਵੀ ਕੀਤੇ ਜਾਣਗੇ।