![](https://parvasinewspaper.com/wp-content/uploads/2024/10/APP-1.jpg)
ਪੰਚਾਇਤੀ ਚੋਣਾਂ ’ਚ ਅਕਾਲੀ ਦਲ ਤੇ ਕਾਂਗਰਸ ਹਾਸ਼ੀਏ ’ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਕੰਮ ਨਿੱਬੜ ਗਿਆ ਹੈ ਅਤੇ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦਾ ਇਨ੍ਹਾਂ ਚੋਣਾਂ ਵਿਚ ਹੱਥ ਉਪਰ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਕਰੀਬ 90 ਫੀਸਦੀ ਪੰਚਾਇਤਾਂ ’ਤੇ ਸੱਤਾਧਾਰੀ ਧਿਰ ‘ਆਪ’ ਕਾਬਜ਼ ਹੋ ਗਈ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੱਲੇ ਨਮੋਸ਼ੀ ਪਈ ਹੈ। ਭਾਜਪਾ ਇਕੱਲੇ ਤੌਰ ’ਤੇ ਪੇਂਡੂ ਚੋਣਾਂ ਵਿਚ ਪ੍ਰਦਰਸ਼ਨ ਨਹੀਂ ਕਰ ਸਕੀ ਹੈ। ਕਾਂਗਰਸ ਦੇ ਪੱਖ ਵਿਚ ਵੀ ਚੋਣ ਨਤੀਜੇ ਨਹੀਂ ਗਏ ਹਨ। ਜ਼ਿਕਰਯੋਗ ਹੈ ਕਿ ਪੰਚਾਇਤ ਚੋਣਾਂ ਵਿੱਚ 77 ਫੀਸਦੀ ਪੋਲਿੰਗ ਹੋਈ ਸੀ। ਪੰਜਾਬ ਸਰਕਾਰ ਦੀ ਆਪਣੀ ਰਿਪੋਰਟ ਅਨੁਸਾਰ ਆਮ ਆਦਮੀ ਪਾਰਟੀ ਦਾ ਪੰਚਾਇਤੀ ਚੋਣਾਂ ਵਿਚ ਹੱਥ ਉਪਰ ਰਿਹਾ ਹੈ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ‘ਆਪ’ ਸਰਕਾਰ ਸੂਬੇ ਵਿਚ ਲਾਅ ਐਂਡ ਆਰਡਰ ਨੂੰ ਲੈ ਕੇ ਦਾਅਵੇ ਕਰ ਰਹੀ ਹੈ, ਉਸੇ ਤਰ੍ਹਾਂ ਦੇ ਦਾਅਵੇ ਪੰਚਾਇਤੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗਲਤ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।