ਬਰਗਾੜੀ ਬੇਅਦਬੀ ਮਾਮਲੇ ’ਚ ਚਾਰ ਹਫਤਿਆਂ ’ਚ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰਗਾੜੀ ਬੇਅਦਬੀ ਮਾਮਲੇ ’ਚ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਹੈ। ਸੁਪਰੀਮ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਲੰਘੇ ਦਿਨੀਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਨੂੰ ਵੱਡੀ ਰਾਹਤ ਦਿੰਦੇ ਹੋਏ ਫਰੀਦਕੋਟ ਜ਼ਿਲ੍ਹੇ ’ਚ ਵਾਪਰੇ ਬੇਅਦਬੀ ਮਾਮਲੇ ਦੀ ਚੱਲ ਰਹੀ ਜਾਂਚ ’ਤੇ ਰੋਕ ਲਗਾ ਦਿੱਤੀ ਸੀ। ਰਾਮ ਰਹੀਮ ਵੱਲੋਂ ਬੇਅਦਬੀ ਮਾਮਲੇ ’ਚ ਦਰਜ ਮਾਮਲਿਆਂ ਦੀ ਜਾਂਚ ਪੰਜਾਬ ਸਰਕਾਰ ਦੀ ਸਿੱਟ ਦੀ ਜਗ੍ਹਾ ਸੀਬੀਆਈ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਬੇਅਦਬੀ ਮਾਮਲੇ ’ਚ ਉਨ੍ਹਾਂ ਨੂੰ ਜਾਣ ਬੁੱਝ ਕੇ ਫਸਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਰਗਾੜੀ ਬੇਅਬਦੀ ਮਾਮਲੇ ’ਚ ਸਿੱਖ ਸੰਗਤਾਂ ਵੱਲੋਂ ਦਿੱਤੇ ਜਾ ਰਹੇ ਸ਼ਾਂਤਮਈ ਧਰਨ ’ਤੇ ਪੁਲਿਸ ਵੱਲੋਂ ਫਾਈਰਿੰਗ ਕਰ ਦਿੱਤੀ ਗਈ ਸੀ, ਜਿਸ ਦੌਰਾਨ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੀ ਗਈ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …