ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ’ਚ ਸਿਆਸੀ ਦਖਲਅੰਦਾਜ਼ੀ ਨੂੰ ਦੱਸਿਆ ਗਲਤ
ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਸੁਧਾਰ ਦੇ ਆਗੂਆਂ ਵੱਲੋਂ ਅੱਜ ਜਲੰਧਰ ’ਚ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰੇ ਘਟਨਾਕ੍ਰਮ ਸਬੰਧੀ ਚਰਚਾ ਕੀਤੀ ਗਈ। ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਲਈ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਮੀਟਿੰਗ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਵਿਚ ਹੋਰ ਅਕਾਲੀ ਆਗੂ ਮੌਜੂਦ ਸਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ੋ੍ਰਮਣੀ ਕਮੇਟੀ ਚੋਣਾਂ ਲਈ ਉਮੀਦਵਾਰ ਬਣਾਏ ਜਾਣ ’ਤੇ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ ਪਰ ਲੰਘੇ ਦਿਨੀਂ ਇਸ ਵਿਚ ਸਿਆਸੀ ਤੌਰ ’ਤੇ ਦਖਲਅੰਦਾਜ਼ੀ ਕੀਤੀ ਗਈ, ਜੋ ਕਿ ਸਰਸਰ ਗਲਤ ਹੈ। ਉਨ੍ਹਾਂ ਕਿਹਾ ਕਿ ਮੈਂ ਸਭ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਮੇਰੇ ਪ੍ਰਧਾਨ ਬਣਨ ’ਤੇ ਅਜਿਹਾ ਬਿਲਕੁਲ ਵੀ ਨਹੀਂ ਹੋਵੇਗਾ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਸਿਰਫ਼ ਸਿੱਖਾਂ ਦੀ ਗੱਲ ਕੀਤੀ ਜਾਵੇਗੀ।