
ਮੁੱਖ ਮੰਤਰੀ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਬਣੀ ਰਣਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿਚ ਚੱਲ ਰਹੀ ਝੋਨੇ ਦੀ ਖਰੀਦ ਨੂੰ ਲੈ ਕੇ ਅੱਜ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ’ਚ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਾਜ਼ਰ ਰਹੇ। ਇਸ ਦੌਰਾਨ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਵੱਡੇ ਫੈਸਲੇ ਲਏ ਗਏ ਹਨ। ਇਸ ਮੌਕੇ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਸਰਕਾਰ ਨੇ ਮਿੱਲਰਾਂ ਨੂੰ ਵੱਡੀ ਰਾਹਤ ਵੀ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਸ਼ਨੀਵਾਰ ਨੂੰ ਕਿਸਾਨਾਂ ਅਤੇ ਮੁੱਖ ਮੰਤਰੀ ਦੀ ਮੀਟਿੰਗ ਵੀ ਹੋਈ ਸੀ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਚਾਰ ਦਿਨਾਂ ਵਿਚ ਝੋਨੇ ਦੀ ਲਿਫਟਿੰਗ ਉਚਿਤ ਤਰੀਕੇ ਨਾਲ ਨਹੀਂ ਹੋਈ ਤਾਂ ਉਹ ਦੁਬਾਰਾ ਸੰਘਰਸ਼ ਦੀ ਰਾਹ ’ਤੇ ਆ ਜਾਣਗੇ।