
ਸ਼ੋ੍ਰਮਣੀ ਅਕਾਲੀ ਦਲ ਆਪਣੀ ਹੋਂਦ ਬਰਕਰਾਰ ਰੱਖਣ ਲਈ ਕਰੇਗਾ ਕੋਸ਼ਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਦੀ ਜ਼ਿਮਨੀ ਚੋਣ ਲਈ ਵੋਟਾਂ 13 ਨਵੰਬਰ ਨੂੰ ਪੈਣਗੀਆਂ ਅਤੇ ਨਤੀਜੇ 23 ਨਵੰਬਰ ਆਉਣੇ ਹਨ। ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਆਪਣੇ ਚਾਰੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ, ਜਦਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੇ ਉਮੀਦਵਾਰਾਂ ਬਾਰੇ ਆਪਣੇ ਸਿਆਸੀ ਪੱਤੇ ਨਹੀਂ ਖੋਲ੍ਹੇ। ਹਾਲਾਂਕਿ ਸਾਰੀਆਂ ਸਿਆਸੀਆਂ ਪਾਰਟੀਆਂ ਦੇ ਆਗੂ ਜਿੱਤਣ ਦਾ ਦਾਅਵਾ ਕਰ ਰਹੇ ਹਨ ਪਰ ਇਹ ਚੋਣਾਂ ਜਿੱਥੇ ਹੁਕਮਰਾਨ ਧਿਰ ਆਮ ਆਦਮੀ ਪਾਰਟੀ, ਕਾਂਗਰਸ ਲਈ ਵੱਕਾਰ ਦਾ ਸਵਾਲ ਹੋਣਗੀਆਂ, ਉਥੇ ਅਕਾਲੀ ਦਲ ਦੀ ਹੋਂਦ ਦਾ ਸਵਾਲ ਵੀ ਹਨ। ਸਿਆਸੀ ਤੌਰ ’ਤੇ ਹਾਸ਼ੀਏ ’ਤੇ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਨੂੰ ਆਪਣੀ ਹੋਂਦ ਬਰਕਰਾਰ ਰੱਖਣ ਦੀ ਲੜਾਈ ਲੜਨੀ ਪਵੇਗੀ। ਉਧਰ ਦੂਜੇ ਪਾਸੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੁਧਾਰ ਲਹਿਰ ਜ਼ਿਮਨੀ ਚੋਣਾਂ ਵਿਚ ਹਿੱਸਾ ਨਹੀਂ ਲਵੇਗੀ।