
ਬਰਨਾਲਾ ਜ਼ਿਮਨੀ ਚੋਣ ਲਈ ਟਿਕਟ ਦਾ ਚਾਹਵਾਨ ਸੀ ਗੁਰਦੀਪ ਸਿੰਘ ਬਾਠ
ਬਰਨਾਲਾ/ਬਿਊਰੋ ਨਿਊਜ਼
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਐਲਾਨ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹਲਕਾ ਬਰਨਾਲਾ ਵਿਚ ਬਗਾਵਤ ਦੇ ਸੁਰ ਵੀ ਉੱਠਣ ਲੱਗੇ ਹਨ। ਜ਼ਿਕਰਯੋਗ ਹੈ ਕਿ ‘ਆਪ’ ਵਲੋਂ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹਰਿੰਦਰ ਸਿੰਘ ਧਾਲੀਵਾਲ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਮੰਨੇ ਜਾਂਦੇ ਹਨ। ਬਰਨਾਲਾ ਜ਼ਿਮਨੀ ਚੋਣ ਲਈ ਟਿਕਟ ਦੇ ਦਾਅਵੇਦਾਰ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਪਾਰਟੀ ਨੂੰ ਆਪਣੇ ਫੈਸਲੇ ’ਤੇ ਵਿਚਾਰ ਕਰਨ ਲਈ 24 ਘੰਟੇ ਦਾ ਅਲਟੀਮੇਟਮ ਵੀ ਦਿੱਤਾ ਸੀ। ਪਰ ਪਾਰਟੀ ਵੱਲੋਂ ਕੋਈ ਪ੍ਰਤੀਕਿਰਿਆ ਨਾ ਮਿਲਣ ਕਰਕੇ ਨਾਰਾਜ਼ ਚੱਲ ਰਹੇ ਬਾਠ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਦੀਪ ਸਿੰਘ ਬਾਠ ਬਰਨਾਲਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਾ ਰਹੇ ਹਨ।