![](https://parvasinewspaper.com/wp-content/uploads/2024/10/Highcourt-3.jpg)
ਐਫ.ਸੀ.ਆਈ. ਸਣੇ ਸੂਬਾ ਤੇ ਕੇਂਦਰ ਨੂੰ ਨੋਟਿਸ-ਮਾਮਲੇ ਦੀ ਸੁਣਵਾਈ 29 ਅਕਤੂਬਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਤਰੀਕੇ ਨਾਲ ਲਿਫਟਿੰਗ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਐਫ.ਸੀ.ਆਈ. ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਹਾਈਕੋਰਟ ਨੇ ਇਸ ਮਾਮਲੇ ਵਿਚ 29 ਅਕਤੂਬਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਉਧਰ ਦੂਜੇ ਪਾਸੇ ਇਸ ਮਾਮਲੇ ਨੇ ਸਿਆਸੀ ਰੰਗ ਵੀ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸਥਿਤੀ ਦੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਇਸੇ ਦੌਰਾਨ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਕਿਸਾਨਾਂ ਵਲੋਂ ਵੀ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸਰਕਾਰਾਂ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਿਛਲੇ ਦਿਨੀਂ ਝੋਨੇ ਦੀ ਖਰੀਦ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਗੱਲਬਾਤ ਕੀਤੀ ਸੀ। ਉਨ੍ਹਾਂ ਨੇ ਰਾਈਸ ਮਿੱਲਰਾਂ ਦੇ ਮਾਮਲੇ ਨੂੰ ਵੀ ਗ੍ਰਹਿ ਮੰਤਰੀ ਦੇ ਧਿਆਨ ਵਿਚ ਲਿਆਂਦਾ ਸੀ।