ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਹ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਹੋਣ ਵਾਲੀ ਚੋਣ ਵਿਚ ਜ਼ਰੂਰ ਸ਼ਾਮਲ ਹੋਵੇਗੀ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਇੱਛੁਕ ਸਨ ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਉਨ੍ਹਾਂ ਨੂੰ ਚੋਣ ਲੜਨ ਦੀ ਛੋਟ ਨਹੀਂ ਦਿੱਤੀ ਸੀ।
ਉਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਲੜ ਸਕਦਾ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ‘ਤੇ ਚੋਣਾਂ ਲੜਨ ਦੀ ਕੋਈ ਪਾਬੰਦੀ ਨਹੀਂ। ਪਰ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਅਨੁਸਾਰ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਦੀ ਆਗਿਆ ਨਹੀਂ ਹੈ।